ਅਕਾਲ ਤਖ਼ਤ ਸਾਹਿਬ ਤੋਂ ਪ੍ਰਮਾਣਿਤ ‘ਸਿੱਖ ਰਹਿਤ ਮਰਿਆਦਾ’ ਦਾ ਹੂ-ਬਹੂ ਦ੍ਰਿਸ਼
ਗੁਰਮਤਿ ਦੀ ਰਹਿਣੀ
ਸਿੱਖ ਦੀ ਆਮ ਰਹਿਣੀ, ਕ੍ਰਿਤ, ਵਿਰਤ, ਗੁਰਮਤਿ ਅਨੁਸਾਰ ਹੋਵੇ। ਗੁਰਮਤਿ ਇਹ ਹੈ:-
(ੳ) ਇਕ ਅਕਾਲ ਪੁਰਖ ਤੋਂ ਛੁਟ ਕਿਸੇ ਦੇਵੀ ਦੇਵਤੇ ਦੀ ਉਪਾਸਨਾ ਨਹੀਂ ਕਰਨੀ।
(ਅ) ਆਪਣੀ, ਮੁਕਤੀ ਦਾ ਦਾਤਾ ਤੇ ਇਸ਼ਟ ਕੇਵਲ ਦਸ ਗੁਰੂ ਸਾਹਿਬਾਨ, ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਸਾਹਿਬਾਨ ਦੀ ਬਾਣੀ ਨੂੰ ਮੰਨਣਾ।
(ੲ) ਦਸ ਗੁਰੂ ਸਾਹਿਬਾਨ ਨੂੰ ਇਕੋ ਜੋਤ ਦਾ ਪ੍ਰਕਾਸ਼ ਰੂਪ ਕਰਕੇ ਮੰਨਣਾ।
(ਸ) ਜ਼ਾਤ-ਪਾਤ, ਛੂਤ-ਛਾਤ, ਜੰਤ੍ਰ-ਮੰਤ੍ਰ-ਤੰਤ੍ਰ, ਸ਼ਗਨ, ਤਿੱਥ, ਮਹੂਰਤ, ਗ੍ਰਹਿ, ਰਾਸ਼, ਸ਼ਰਾਧ, ਪਿੱਤਰ, ਖਿਆਹ, ਪਿੰਡ ਪੱਤਲ, ਦੀਵਾ, ਕਿਰਿਆ ਕਰਮ, ਹੋਮ, ਜੱਗ, ਤਰਪਣ, ਸਿਖਾ ਸੂਤ, ਭੱਦਣ, ਇਕਾਦਸ਼ੀ, ਪੂਰਨਮਾਸ਼ੀ ਆਦਿ ਦੇ ਵਰਤ, ਤਿਲਕ, ਜੰਞੂ, ਤੁਲਸੀ, ਮਾਲਾ, ਗੋਰ, ਮੱਠ, ਮੜ੍ਹੀ, ਮੂਰਤੀ ਪੂਜਾ ਆਦਿ ਭਰਮ-ਰੂਪ ਕਰਮਾਂ ਉਤੇ ਨਿਸਚਾ ਨਹੀਂ ਕਰਨਾ। ਗੁਰ ਅਸਥਾਨ ਤੋਂ ਕਿਸੇ ਅਨ-ਧਰਮ ਦੇ ਤੀਰਥ ਜਾਂ ਧਾਮ ਨੂੰ ਆਪਣਾ ਅਸਥਾਨ ਨਹੀਂ ਮੰਨਣਾ। ਪੀਰ, ਬ੍ਰਾਹਮਣ, ਪੁੱਛਣਾ, ਸੁੱਖਣਾ, ਸ਼ੀਰਨੀ, ਵੇਦ ਸ਼ਾਸਤਰ, ਗਾਇਤ੍ਰੀ, ਗੀਤਾ, ਕੁਰਾਨ, ਅੰਜੀਲ ਆਦਿ ਉਤੇ ਨਿਸ਼ਚਾ ਨਹੀਂ ਕਰਨਾ। ਹਾਂ, ਆਮ ਵਾਕਫੀ ਲਈ ਅਨਮਤਾਂ ਦੇ ਗ੍ਰੰਥਾਂ ਦਾ ਪੜ੍ਹਨਾ ਯੋਗ ਹੈ।
(ਹ) ਖ਼ਾਲਸਾ ਸਾਰੇ ਮਤਾਂ ਤੋਂ ਨਿਆਰਾ ਰਹੇ, ਪਰ, ਕਿਸੇ ਅਨਧਰਮੀ ਦਾ ਦਿਲ ਨਾ ਦੁਖਾਵੇ।
(ਕ) ਹਰ ਇਕ ਕੰਮ ਕਰਨ ਤੋਂ ਪਹਿਲਾਂ ਵਾਹਿਗੁਰੂ ਅੱਗੇ ਅਰਦਾਸ ਕਰੇ।
(ਖ) ਸਿੱਖ ਲਈ ਗੁਰਮੁਖੀ ਦੀ ਵਿਦਿਆ ਪੜ੍ਹਨੀ ਜ਼ਰੂਰੀ ਹੈ। ਹੋਰ ਵਿਦਿਆ ਭੀ ਪੜ੍ਹੋ।
(ਗ) ਸੰਤਾਨ ਨੂੰ ਗੁਰਸਿੱਖੀ ਦੀ ਵਿਦਿਆ ਦਿਵਾਉਣੀ ਸਿੱਖ ਦਾ ਫ਼ਰਜ਼ ਹੈ।
(ਘ) ਕੇਸ ਲੜਕੇ ਕੇ ਜੋ ਹੋਏ ਸੋ ਉਨ੍ਹਾਂ ਦਾ ਬੁਰਾ ਨਾ ਮੰਗੇ, ਕੇਸ ਉਹੀ ਰੱਖੇ, ਨਾਮ ਸਿੰਘ ਰੱਖੇ। ਸਿੱਖ ਆਪਣੇ ਲੜਕੇ ਲੜਕੀਆਂ ਦੇ ਕੇਸ ਸਾਬਤ ਰੱਖੇ।
(ਙ) ਸਿੱਖ ਭੰਗ, ਅਫੀਮ, ਸ਼ਰਾਬ, ਤਮਾਕੂ ਆਦਿ ਨਸ਼ੇ ਨਾ ਵਰਤੇ। ਅਮਲ ਪ੍ਰਸ਼ਾਦੇ ਦਾ ਹੀ ਰੱਖੇ।
(ਚ) ਸਿੱਖ ਮਰਦ ਅਥਵਾ ਇਸਤ੍ਰੀ ਨੂੰ ਨੱਕ, ਕੰਨ, ਛੇਦਨਾ ਮਨ੍ਹਾਂ ਹੈ।
(ਛ) ਗੁਰੂ ਕਾ ਸਿੱਖ ਕੰਨਿਆਂ ਨਾ ਮਾਰੇ, ਕੁੜੀ-ਮਾਰ ਨਾਲ ਨਾ ਵਰਤੇ।
(ਜ) ਗੁਰੂ ਕਾ ਸਿੱਖ ਧਰਮ ਦੀ ਕਿਰਤ ਕਰ ਕੇ ਨਿਰਬਾਹ ਕਰੇ।
(ਝ) ਗੁਰੂ ਕਾ ਸਿੱਖ ਗਰੀਬ ਦੀ ਰਸਨਾ ਨੂੰ ਗੁਰੂ ਕੀ ਗੋਲਕ ਜਾਣੇ।
(ਞ) ਚੋਰੀ ਯਾਰੀ ਨਾ ਕਰੇ, ਜੂਆ ਨ ਖੇਡੇ।
(ਟ) ਪਰ ਬੇਟੀ ਕੋ ਬੇਟੀ ਜਾਨੈ। ਪਰ ਇਸਤ੍ਰੀ ਕੋ ਮਾਤ ਬਖਾਨੈ।
ਅਪਨਿ ਇਸਤ੍ਰੀ ਸੋਂ ਰਤਿ ਹੋਈ। ਰਹਿਤਵੰਤ ਸਿੰਘ ਹੈ ਸੋਈ।
ਇਸੇ ਤਰ੍ਹਾਂ ਸਿੱਖ ਇਸਤ੍ਰੀ ਆਪਣੇ ਪਤੀਬਰਤ ਧਰਮ ’ਚ ਰਹੇ।
(ਠ) ਗੁਰੂ ਕਾ ਸਿੱਖ ਜਨਮ ਤੋਂ ਲੈ ਕੇ ਦੇਹਾਂਤ ਤਕ ਗੁਰ ਮਰਯਾਦਾ ਕਰੇ।
(ਡ) ਸਿੱਖ, ਸਿੱਖ ਨੂੰ ਮਿਲਣ ਸਮੇਂ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਿਹ’ ਬੁਲਾਵੇ। ਮਰਦ ਇਸਤਰੀ ਦੋਹਾਂ ਲਈ ਇਹੋ ਹੁਕਮ ਹੈ।
(ਢ) ਸਿੱਖ ਇਸਤਰੀਆਂ ਲਈ ਪਰਦਾ ਜਾਂ ਘੁੰਡ ਕਰਨਾ ਉੱਚਿਤ ਨਹੀਂ।
(ਣ) ਸਿੱਖ ਲਈ ਕਛਹਿਰੇ ਤੇ ਦਸਤਾਰ ਤੋਂ ਛੁਟ ਪੁਸ਼ਾਕ ਸੰਬੰਧੀ ਬਾਕੀ ਕੋਈ ਪਾਬੰਦੀ ਨਹੀਂ। ਸਿੱਖ ਇਸਤਰੀ ਦਸਤਾਰ ਸਜਾਏ ਜਾਂ ਨਾ ਸਜਾਏ, ਦੋਵੇਂ ਠੀਕ ਹਨ।
੧. ਜਨਮ ਤੇ ਨਾਮ-ਸੰਸਕਾਰ
(ੳ) ਸਿੱਖ ਦੇ ਘਰ ਬਾਲਕ ਦਾ ਜਨਮ ਹੋਣ ਮਗਰੋਂ ਜਦ ਮਾਤਾ ਉਠਣ ਬੈਠਣ ਤੇ ਇਸ਼ਨਾਨ ਕਰਨ ਦੇ ਯੋਗ ਹੋਵੇ ਤਾਂ (ਦਿਨਾਂ ਦੀ ਕੋਈ ਗਿਣਤੀ ਮੁਕੱਰਰ ਨਹੀਂ) ਟੱਬਰ ਤੇ ਸੰਬੰਧੀ ਗੁਰਦੁਆਰੇ ਕੜਾਹ ਪ੍ਰਸ਼ਾਦ ਲੈ ਕੇ ਜਾਣ ਜਾਂ ਕਰਾਉਣ ਅਤੇ ਗੁਰੂ ਜੀ ਦੇ ਹਜ਼ੂਰ ‘ਪਰਮੇਸਰਿ ਦਿਤਾ ਬੰਨਾ’ (ਸੋਰਠਿ ਮ: ੫), ‘ਸਤਿਗੁਰੂ ਸਾਚੈ ਦੀਆ ਭੇਜਿ’ (ਆਸਾ ਮ: ੫) ਆਦਿ ਖੁਸ਼ੀ ਤੇ ਧੰਨਵਾਦ ਵਾਲੇ ਸ਼ਬਦ ਪੜ੍ਹਨ, ਉਪ੍ਰੰਤ, ਜੇਕਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਰੱਖਿਆ ਹੋਵੇ ਤਾਂ ਪਾਠ ਦਾ ਭੋਗ ਪਾਇਆ ਜਾਵੇ, ਫਿਰ ਵਾਕ ਲਿਆ ਜਾਵੇ। ਵਾਕ ਦੇ ਅਰੰਭ ਦੇ ਸ਼ਬਦ ਦਾ ਜੋ ਪਹਿਲਾ ਅੱਖਰ ਹੋਵੇ, ਉਸ ਤੋਂ ਗ੍ਰੰਥੀ ਸਿੰਘ ਬੱਚੇ ਦਾ ਨਾਮ ਤਜਵੀਜ਼ ਕਰੇ ਅਤੇ ਸੰਗਤ ਦੀ ਪ੍ਰਵਾਨਗੀ ਲੈ ਕੇ ਨਾਮ ਪ੍ਰਗਟ ਕਰੇ। ਲੜਕੇ ਦੇ ਨਾਉਂ ਪਿੱਛੇ ‘ਸਿੰਘ’ ਸ਼ਬਦ ਅਤੇ ਲੜਕੀ ਦੇ ਨਾਮ ਪਿੱਛੇ ‘ਕੌਰ’ ਸ਼ਬਦ ਲਗਾਇਆ ਜਾਵੇ। ਉਪ੍ਰੰਤ, ਅਨੰਦ ਸਾਹਿਬ (ਛੇ ਪਉੜੀਆਂ) ਮਗਰੋਂ ਬੱਚੇ ਦੇ ਨਾਮ ਸੰਸਕਾਰ ਦੀ ਖੁਸ਼ੀ ਦਾ ਯੋਗ ਸ਼ਬਦਾਂ ਵਿੱਚ ਅਰਦਾਸਾ ਕਰ ਕੇ ਕੜਾਹ ਪ੍ਰਸ਼ਾਦ ਵਰਤਾਇਆ ਜਾਵੇ।
(ਅ) ਜਨਮ ਦੇ ਸੰਬੰਧ ਵਿੱਚ ਖਾਣ-ਪੀਣ ਵਿੱਚ ਕੋਈ ਸੂਤਕ ਦਾ ਭਰਮ ਨਹੀਂ ਕਰਨਾ, ਕਿਉਂਕਿ ‘‘ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ॥
ਖਾਣਾ ਪੀਣਾ ਪਵਿਤ੍ਰ ਹੈ ਦਿਤੋਨੁ ਰਿਜਕੁ ਸੰਬਾਹਿ॥’’
(ੲ) ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲ ਤੋਂ ਚੋਲਾ ਬਣਾ ਕੇ ਪਾਉਣਾ ਆਦਿ ਮਨਮੱਤ ਹੈ।
੨. ਅਨੰਦ ਸੰਸਕਾਰ
(ੳ) ਸਿੱਖ ਸਿੱਖਣੀ ਦਾ ਵਿਆਹ, ਬਿਨਾਂ ਜ਼ਾਤ-ਪਾਤ, ਗੋਤ ਵਿਚਾਰੇ ਦੇ ਹੋਣਾ ਚਾਹੀਏ।
(ਅ) ਸਿੱਖ ਦੀ ਪੁੱਤਰੀ ਦਾ ਵਿਆਹ ਸਿੱਖ ਨਾਲ ਹੀ ਹੋਵੇ।
(ੲ) ਸਿੱਖ ਦਾ ਵਿਆਹ ‘ਅਨੰਦ’ ਰੀਤੀ ਨਾਲ ਕਰਨਾ ਚਾਹੀਏ।
(ਸ) ਲੜਕੀ ਲੜਕੇ ਦਾ ਵਿਆਹ ਬਚਪਨ ਵਿੱਚ ਕਰਨਾ ਵਿਵਰਜਿਤ ਹੈ।
(ਹ) ਜਦ ਲੜਕੀ ਸ਼ਰੀਰ, ਮਨ ਤੇ ਆਚਾਰ ਕਰਕੇ ਵਿਆਹ ਕਰਨ ਦੇ ਯੋਗ ਹੋ ਜਾਵੇ, ਤਾਂ ਕਿਸੇ ਯੋਗ ਸਿੱਖ ਨਾਲ ‘ਅਨੰਦ’ ਪੜ੍ਹਾਇਆ ਜਾਵੇ।
(ਕ) ‘ਅਨੰਦ’ ਤੋਂ ਪਹਿਲਾਂ ਕੁੜਮਾਈ ਦੀ ਰਸਮ ਜ਼ਰੂਰੀ ਨਹੀਂ ਪਰ ਜੇ ਕਰਨੀ ਹੋਵੇ ਤਾਂ ਲੜਕੀ ਵਾਲੇ ਕਿਸੇ ਦਿਨ ਸੰਗਤ ਜੋੜ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰ ਅਰਦਾਸਾ ਸੋਧ ਕੇ ਇਕ ਕ੍ਰਿਪਾਨ, ਕੜਾ ਤੇ ਕੁਝ ਮਿੱਠਾ ਲੜਕੇ ਦੇ ਪੱਲੇ ਪਾ ਦੇਣ।
(ਖ) ‘ਅਨੰਦ’ ਦਾ ਦਿਨ ਮੁਕਰੱਰ ਕਰਨ ਲੱਗਿਆਂ ਕੋਈ ਥਿਤਿ-ਵਾਰ, ਚੰਗੇ-ਮੰਦੇ ਦਿਨ ਦੀ ਖੋਜ ਕਰਨ ਲਈ ਪੱਤ੍ਰੀ ਵਾਚਣਾ ਮਨਮਤ ਹੈ। ਕੋਈ ਦਿਨ ਜੋ ਦੋਹਾਂ ਧਿਰਾਂ ਨੂੰ ਆਪਸ ਵਿੱਚ ਸਲਾਹ ਕਰ ਕੇ ਚੰਗਾ ਦਿੱਸੇ, ਨਿਯਤ ਕਰ ਲੈਣਾ ਚਾਹੀਏ।
(ਗ) ਸਿਹਰਾ, ਮੁਕਟ ਜਾਂ ਗਾਨਾ ਬੰਨ੍ਹਣਾ, ਪਿੱਤਰ ਪੂਜਣੇ, ਕੱਚੀ ਲੱਸੀ ਵਿੱਚ ਪੈਰ ਪਾਉਣਾ, ਬੇਰੀ ਜਾਂ ਜੰਡੀ ਵੱਡਣੀ, ਘੜੋਲੀ ਭਰਨੀ, ਰੁਸ ਕੇ ਜਾਣਾ, ਛੰਦ ਪੜ੍ਹਨੇ, ਹਵਨ ਕਰਨਾ, ਵੇਦੀ ਗੱਡਣੀ, ਵੇਸਵਾ ਦਾ ਨਾਚ, ਸ਼ਰਾਬ ਆਦਿ ਮਨਮਤ ਹੈ।
(ਘ) ਜਿਤਨੇ ਥੋੜ੍ਹੇ ਆਦਮੀ ਲੜਕੀ ਵਾਲਾ ਮੰਗਾਵੇ, ਉਤਨੇ ਨਾਲ ਲੈ ਕੇ ਲੜਕਾ ਸਹੁਰੇ ਘਰ ਜਾਵੇ, ਦੋਹੀਂ ਪਾਸੀਂ ਗੁਰਬਾਣੀ ਦੇ ਸ਼ਬਦ ਗਾਏ ਜਾਣ ਤੇ ‘ਫ਼ਤਿਹ’ ਗਜਾਈ ਜਾਵੇ।
(ਙ) ਵਿਆਹ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰ ਦੀਵਾਨ ਲਗੇ। ਸੰਗਤ ਜਾਂ ਰਾਗੀ ਕੀਰਤਨ ਕਰਨ। ਫਿਰ ਲੜਕੀ ਤੇ ਲੜਕਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ੂਰ ਬਿਠਾਏ ਜਾਣ। ਲੜਕੀ, ਲੜਕੇ ਦੇ ਖੱਬੇ ਪਾਸੇ ਬੈਠੇ। ਸੰਗਤ ਦੀ ਆਗਿਆ ਲੈ ਕੇ ‘ਅਨੰਦ’ ਪੜ੍ਹਾਉਣ ਵਾਲਾ ਸਿੱਖ (ਮਰਦ ਜਾਂ ਇਸਤਰੀ) ਲੜਕੇ ਲੜਕੀ ਤੇ ਉਨ੍ਹਾਂ ਦਿਆਂ ਮਾਪਿਆਂ ਜਾਂ ਸਰਬਰਾਹਾਂ ਨੂੰ ਖੜ੍ਹਾ ਕਰ ਕੇ ‘ਅਨੰਦ’ ਦੇ ਅਰੰਭ ਦਾ ਅਰਦਾਸਾ ਸੋਧੇ। ਫਿਰ ਉਹ ਲੜਕੇ ਲੜਕੀ ਨੂੰ ਗੁਰਮਤਿ ਅਨੁਸਾਰ ਗ੍ਰਹਿਸਤ ਧਰਮ ਦੇ ਫ਼ਰਜ਼ਾਂ ਦਾ ਉਪਦੇਸ਼ ਕਰੇ। ਪਹਿਲੇ, ਦੋਹਾਂ ਨੂੰ ਸਾਂਝਾ ਉਪਦੇਸ਼ ਕਰੇ। ਇਸ ਵਿੱਚ ਸੂਹੀ ਰਾਗ ਦੀਆਂ ਲਾਵਾਂ ਦੇ ਭਾਵ ਅਨੁਸਾਰ ਪਤੀ-ਪਤਨੀ ਦੇ ਸਬੰਧ ਨੂੰ ਜੀਵ ਤੇ ਪ੍ਰਮਾਤਮਾ ਦੇ ਪਿਆਰ ਦੇ ਨਮੂਨੇ ਉੱਤੇ ਢਾਲਣ ਦੀ ਵਿਧੀ ਦੱਸੇ। ਆਪਸ ਵਿੱਚ ਪ੍ਰੇਮ ਦਾਰਾ ‘‘ਏਕ ਜੋਤਿ ਦੁਇ ਮੂਰਤੀ’’ ਹੋਣਾ ਦੱਸੇ ਤੇ ਇਕੁਰ ਗ੍ਰਹਿਸਤ ਧਰਮ ਨਿਬਾਹੁੰਦੇ ਹੋਏ ਆਪਣੇ ਸਾਂਝੇ ਭਰਤਾ ‘ਅਕਾਲ ਪੁਰਖ’ ਨਾਲ ਇਕਮਿਕ ਹੋਣਾ ਦ੍ਰਿੜ੍ਹਾਵੇ। ਦੋਹਾਂ ਨੇ ਇਸ ਸੰਜੋਗ ਨੂੰ ਮਨੁੱਖਾ ਜਨਮ ਦੀ ਯਾਤਰਾ ਨੂੰ ਸਫਲਤਾ ਨਾਲ ਨਿਬਾਹੁਣ ਦਾ ਸਾਧਨ ਬਨਾਉਣਾ ਹੈ। ਦੋਹਾਂ ਨੇ ਇਸ ਸੰਜੋਗ ਦੇ ਰਾਹੀਂ ਪਵਿੱਤਰ ਤੇ ਗੁਰਮੁਖੀ ਜੀਵਨ ਬਿਤਾਉਣਾ ਹੈ। ਫਿਰ ਲੜਕੇ ਤੇ ਲੜਕੀ ਨੂੰ ਆਪੋ ਆਪਣੇ ਵਖੋ-ਵਖਰੇ, ਗ੍ਰਹਿਸਤ ਧਰਮ ਦੇ ਫ਼ਰਜ਼ ਦੱਸੇ ਜਾਣ। ਵਰ ਨੂੰ ਦੱਸਿਆ ਜਾਵੇ ਕਿ ਲੜਕੀ ਵਾਲਿਆਂ ਨੇ ਤੁਹਾਨੂੰ ਹੀ ਸਭ ਤੋਂ ਵਧੀਕ ਯੋਗ ਜਾਣ ਕੇ ਵਰ ਚੁਣਿਆ ਹੈ। ਆਪ ਨੇ ਆਪਣੀ ਪਤਨੀ ਨੂੰ ਅਰਧੰਗੀ ਜਾਣ ਕੇ ਸਾਰੀਆਂ ਅਵਸਥਾਂ ਵਿੱਚ ਇਕੋ ਜਿਹਾ ਪਿਆਰ ਕਰਨਾ ਹੈ ਤੇ ਵੰਡ ਛਕਣਾ ਹੈ। ਏਸ ਦੇ ਸਰੀਰ ਤੇ ਇੱਜ਼ਤ ਦੇ ਰਾਖੇ ਤੁਸੀਂ ਹੋ। ਇਸਤਰੀ-ਬਰਤ ਧਰਮ ਵਿੱਚ ਪੱਕੇ ਰਹਿਣਾ। ਇਸ ਦੇ ਮਾਤਾ ਪਿਤਾ ਤੇ ਸੰਬੰਧੀਆਂ ਨੂੰ ਆਪਣੇ ਮਾਤਾ-ਪਿਤਾ ਤੇ ਸੰਬੰਧੀਆਂ ਤੁੱਲ ਆਦਰ ਦੇਣਾ। ਕੰਨਿਆਂ ਨੂੰ ਦੱਸਿਆ ਜਾਵੇ ਕਿ ਆਪ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਸੰਗਤ ਦੇ ਹਜ਼ੂਰ ਇਸ ਸੱਜਣ ਦੇ ਲੜ ਲਾਇਆ ਜਾਂਦਾ ਹੈ। ਆਪ ਇਨ੍ਹਾਂ ਦੇ ‘ਨਿਰਮਲ ਭਉ’ ਵਿੱਚ ਰਹਿੰਦੇ ਹੋਏ ਇਨ੍ਹਾਂ ਨੂੰ ਹੀ ਆਪਣੇ ਸਾਰੇ ਪ੍ਰੇਮ ਤੇ ਸ਼ਰਧਾ ਦਾ ਮਾਲਕ ਸਮਝਣਾ, ਦੁਖ ਸੁਖ, ਦੇਸ ਪਰਦੇਸ ਵਿੱਚ ਆਪਣੇ ਪਤੀ-ਬਰਤ ਧਰਮ ਵਿੱਚ ਪੱਕੇ ਰਹਿਣਾ, ਸੇਵਾ ਕਰਨੀ। ਇਨ੍ਹਾਂ ਦੇ ਮਾਤਾ ਪਿਤਾ ਤੇ ਸੰਬੰਧੀਆਂ ਨੂੰ ਆਪਣੇ ਮਾਤਾ ਪਿਤਾ ਤੇ ਸੰਬੰਧੀਆਂ ਵਾਂਗ ਜਾਣਨਾ। ਉਪਦੇਸ਼ ਦੀਆਂ ਗੱਲਾਂ ਪ੍ਰਵਾਨ ਕਰਦੇ ਹੋਏ ਵਰ ਤੇ ਕੰਨਿਆਂ ਦੋਵੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣ। ਫਿਰ ਲੜਕੀ ਦਾ ਪਿਤਾ ਜਾਂ ਮੁਖੀ ਸੰਬੰਧੀ ਲੜਕੇ ਦਾ ਪੱਲਾ ਲੜਕੀ ਦੇ ਹੱਥ ਫੜਾਵੇ ਤੇ ਤਾਬਿਆ ਬੈਠਾ ਸੱਜਣ ਸੂਹੀ ਮਹਲਾ ੪ ਵਿੱਚ ਦਿਤੀਆਂ ਲਾਵਾਂ ਦਾ ਪਾਠ ਸੁਣਾਵੇ। ਹਰੇਕ ਲਾਂਵ ਦਾ ਪਾਠ ਹੋਣ ਮਗਰੋਂ ਅੱਗੇ ਵਰ ਤੇ ਪਿੱਛੇ ਕੰਨਿਆਂ, ਵਰ ਦਾ ਪੱਲਾ ਫੜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਚਾਰ ਪ੍ਰਕਰਮਾਂ ਕਰਨ। ਪ੍ਰਕਰਮਾਂ ਕਰਨ ਸਮੇਂ ਰਾਗੀ ਜਾਂ ਸੰਗਤ ਲਾਵਾਂ ਨੂੰ ਕ੍ਰਮ ਅਨੁਸਾਰ ਸੁਰ ਨਾਲ ਗਾਈ ਜਾਣ ਅਤੇ ਵਰ ਕੰਨਿਆਂ ਹਰ ਇਕ ਲਾਂਵ ਮਗਰੋਂ ਮੱਥਾ ਟੇਕ ਕੇ ਅਗਲੀ ਲਾਂਵ ਸੁਣਨ ਲਈ ਖੜ੍ਹੇ ਹੋ ਜਾਣ। ਉਪਰੰਤ ਮੱਥਾ ਟੇਕ ਕੇ ਆਪਣੀ ਥਾਂ ’ਤੇ ਬੈਠ ਜਾਣ ਤੇ ਰਾਗੀ ਸਿੰਘ ਜਾਂ ਅਨੰਦ ਕਰਾਉਣ ਵਾਲਾ ਅਨੰਦ ਸਾਹਿਬ ਦੀਆਂ ਪਹਿਲੀਆਂ ਪੰਜ ਪਉੜੀਆਂ ਤੇ ਅੰਤਲੀ ਪਉੜੀ ਦਾ ਪਾਠ ਕਰੇ। ਫਿਰ ‘ਅਨੰਦ’ ਦੀ ਸਮਾਪਤੀ ਦਾ ਅਰਦਾਸਾ ਸੋਧਿਆ ਜਾਵੇ ਤੇ ਕੜਾਹ ਪ੍ਰਸ਼ਾਦ ਵਰਤਾਇਆ ਜਾਵੇ।
(ਚ) ਅਨਮਤ ਵਾਲਿਆਂ ਦਾ ਵਿਆਹ ‘ਅਨੰਦ’ ਰੀਤੀ ਨਾਲ ਨਹੀਂ ਹੋ ਸਕਦਾ।
(ਛ) ਲੜਕੇ ਜਾਂ ਲੜਕੀ ਦਾ ਸੰਜੋਗ ਪੈਸਾ ਲੈ ਕੇ ਨਾ ਕਰੋ।
(ਜ) ਜੇ ਬਾਲਕੀ ਦੇ ਮਾਪੇ ਕਦਾਂਚ ਸੱਬਬ ਪਾਇ ਕੈ ਬਾਲਕੀ ਦੇ ਗ੍ਰਹਿ ਵਿਖੇ ਜਾਣ ਅਤੇ ਉੱਥੇ ਪ੍ਰਸ਼ਾਦ ਤਿਆਰ ਹੋਵੇ, ਤਾਂ ਖਾਣ ਤੋਂ ਸੰਕੋਚਣਾ ਨਹੀਂ। ਅੰਨ ਨਾ ਖਾਣਾ ਸਭ ਭਰਮ ਹੈ। ਖਾਲਸੇ ਨੂੰ, ਖਾਣਾ ਖਲਾਵਣਾ ਸ਼੍ਰੀ ਗੁਰੂ ਬਾਬੇ ਅਕਾਲ ਪੁਰਖ ਬਖਸ਼ਿਆ ਹੈ। ਬੇਟੀ ਬੇਟੇ ਵਾਲੇ ਆਪਸ ਵਿੱਚ ਖਾਂਦੇ ਰਹਿਣ, ਇਸੇ ਵਾਸਤੇ, ਜੋ ਗੁਰੂ ਨੇ ਦੋਵੇਂ ਸਾਕ ਇਕ ਕੀਤੇ ਹਨ।
(ਝ) ਜਿਸ ਇਸਤਰੀ ਦਾ ਭਰਤਾ ਕਾਲ-ਵੱਸ ਹੋ ਜਾਵੇ, ਉਹ ਚਾਹੇ ਤਾਂ ਯੋਗ ਵਰ ਦੇਖ ਕੇ ਪੁਨਰ ਸੰਜੋਗ ਕਰ ਲਵੇ। ਸਿੱਖ ਦੀ ਇਸਤਰੀ ਮਰ ਜਾਵੇ ਤਾਂ ਉਸ ਲਈ ਭੀ ਇਹੋ ਹੁਕਮ ਹੈ।
(ਙ) ਪੁਨਰ ਵਿਆਹ ਦੀ ਵੀ ਇਹੋ ਰੀਤ ਹੈ, ਜੋ ‘ਆਨੰਦ’ ਲਈ ਉੱਤੇ ਦੱਸੀ ਹੈ।
(ਟ) ਆਮ ਹਾਲਤਾਂ ਵਿੱਚ ਸਿੱਖ ਨੂੰ ਇਕ ਇਸਤਰੀ ਦੇ ਹੁੰਦਿਆਂ ਦੂਜਾ ਵਿਆਹ ਨਹੀਂ ਕਰਨਾ ਚਾਹੀਏ।
(ਠ) ਅੰਮ੍ਰਿਤਧਾਰੀ ਸਿੰਘ ਨੂੰ ਚਾਹੀਦਾ ਹੈ ਕਿ ਆਪਣੀ ਸਿੰਘਣੀ ਨੂੰ ਭੀ ਅੰਮ੍ਰਿਤ ਛਕਾ ਲਵੇ।
੩. ਮਿਰਤਕ ਸੰਸਕਾਰ
(ੳ) ਪ੍ਰਾਣੀ ਨੂੰ ਮਰਨ ਵੇਲੇ- ਜੋ ਮੰਜੇ ’ਤੇ ਹੋਵੇ ਤਾਂ – ਹੇਠ ਨਹੀਂ ਉਤਾਰਨਾ, ਦੀਵਾ-ਵੱਟੀ, ਗਉ ਮਣਸਾਉਣਾ ਜਾਂ ਹੋਰ ਕੋਈ ਮਨਮਤ ਸੰਸਕਾਰ ਨਹੀਂ ਕਰਨਾ। ਕੇਵਲ ਗੁਰਬਾਣੀ ਦਾ ਪਾਠ ਕਰਨਾ ਜਾਂ ‘ਵਾਹਿਗੁਰੂ’ ‘ਵਾਹਿਗੁਰੂ’ ਕਰਨਾ।
(ਅ) ਪ੍ਰਾਣੀ ਦੇ ਦੇਹ ਤਿਆਗਣ ’ਤੇ ਧਾਹ ਨਹੀਂ ਮਾਰਨੀ, ਪਿੱਟਣਾ ਜਾਂ ਸਿਆਪਾ ਨਹੀਂ ਕਰਨਾ, ਮਨ ਨੂੰ ਵਾਹਿਗੁਰੂ ਦੀ ਰਜ਼ਾ ਵਿੱਚ ਲਿਆਉਣ ਲਈ ਗੁਰਬਾਣੀ ਦਾ ਪਾਠ ਜਾਂ ਵਾਹਿਗੁਰੂ ਦਾ ਜਾਪ ਕਰੀ ਜਾਣਾ ਚੰਗਾ ਹੈ।
(ੲ) ਪ੍ਰਾਣੀ ਭਾਵੇਂ ਛੋਟੀ ਤੋਂ ਛੋਟੀ ਉਮਰ ਦਾ ਹੋਵੇ, ਸੋ ਭੀ ਸਸਕਾਰਨਾ ਚਾਹੀਏ। ਜਿਥੇ ਸਸਕਾਰ ਦਾ ਪ੍ਰਬੰਧ ਨਾ ਹੋ ਸਕੇ ਉਥੇ ਜਲ ਪ੍ਰਵਾਹ ਜਾਂ ਹੋਰ ਤਰੀਕਾ ਵਰਤਣ ਤੋਂ ਸ਼ੰਕਾ ਨਹੀਂ ਕਰਨੀ।
(ਸ) ਸਸਕਾਰਨ ਲਈ ਦਿਨ ਜਾਂ ਰਾਤ ਦਾ ਭਰਮ ਨਹੀਂ ਕਰਨਾ।
(ਹ) ਮ੍ਰਿਤਕ ਸਰੀਰ ਨੂੰ ਇਸ਼ਨਾਨ ਕਰਾ ਕੇ ਸੁਅੱਸ਼ ਬਸਤ੍ਰ ਪਾਏ ਜਾਣ ਤੇ ਕਕਾਰ ਜੁਦਾ ਨ ਕੀਤੇ ਜਾਣ। ਫਿਰ ਤਖ਼ਤੇ ਉੱਤੇ ਪਾ ਕੇ ਚਲਾਣੇ ਦਾ ਅਰਦਾਸਾ ਸੋਧਿਆ ਜਾਵੇ। ਫਿਰ ਅਰਥੀ ਨੂੰ ਚੁੱਕ ਕੇ ਸ਼ਮਸ਼ਾਨ ਭੂਮੀ ਵੱਲ ਲਿਜਾਇਆ ਜਾਵੇ। ਨਾਲ ਵੈਰਾਗਮਈ ਸ਼ਬਦਾਂ ਦਾ ਉਚਾਰਨ ਕੀਤਾ ਜਾਵੇ। ਸਸਕਾਰ ਦੀ ਥਾਂ ’ਤੇ ਪਹੁੰਚ ਕੇ ਚਿਖਾ ਰਚੀ ਜਾਵੇ। ਫਿਰ ਸਰੀਰ ਨੂੰ ਅਗਨੀ ਭੇਟਾ ਕਰਨ ਲਈ ਅਰਦਾਸਾ ਸੋਧਿਆ ਜਾਵੇ। ਫਿਰ ਪ੍ਰਾਣੀ ਨੂੰ ਅੰਗੀਠੇ ਉੱਤੇ ਰੱਖ ਕੇ ਪੁੱਤਰ ਜਾਂ ਕੋਈ ਹੋਰ ਸੰਬੰਧੀ ਜਾਂ ਹਿਤੂ ਆਦਿ ਅਗਨੀ ਲਾ ਦੇਵੇ। ਸੰਗਤ ਕੁਝ ਵਿੱਥ ’ਤੇ ਬਹਿ ਕੇ ਕੀਰਤਨ ਕਰੇ ਜਾਂ ਵੈਰਾਗਮਈ ਸ਼ਬਦ ਪੜ੍ਹੇ। ਜਦ ਅੰਗੀਠਾ ਪੂਰੀ ਤਰ੍ਹਾਂ ਬਲ ਉਠੇ ਤਾਂ (ਕਪਾਲ ਕਿਰਿਆ ਆਦਿ ਕਰਨਾ ਮਨਮਤ ਹੈ), ਕੀਰਤਨ ਸੋਹਿਲੇ ਦਾ ਪਾਠ ਕਰ ਕੇ ਅਰਦਾਸਾ ਸੋਧ ਕੇ ਸੰਗਤ ਮੁੜ ਆਵੇ। ਘਰ ਆ ਕੇ ਜਾਂ ਲਾਗੇ ਦੇ ਗੁਰਦੁਆਰੇ ਵਿੱਚ ਪ੍ਰਾਣੀ ਨਮਿੱਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਰੱਖਿਆ ਜਾਵੇ ਤੇ ਅਨੰਦ ਸਾਹਿਬ (ਛੇ ਪਉੜੀਆਂ) ਦਾ ਪਾਠ ਕਰ ਕੇ ਅਰਦਾਸਾ ਦਸਵੇਂ ਦਿਨ ਹੋਵੇ। ਜੇ ਦਸਵੇਂ ਦਿਨ ਨਾ ਹੋ ਸਕੇ ਤਾਂ ਹੋਰ ਕੋਈ ਦਿਨ ਸੰਬੰਧੀਆਂ ਦੇ ਸੌਖ ਨੂੰ ਮੁਖ ਰੱਖ ਕੇ ਨਿਯਤ ਕੀਤਾ ਜਾਵੇ। ਇਸ ਪਾਠ ਦੇ ਕਰਨ ਵਿੱਚ ਘਰ ਵਾਲੇ ਤੇ ਸੰਬੰਧੀ ਰਲ ਕੇ ਹਿੱਸਾ ਲੈਣ। ਜੇ ਹੋ ਸਕੇ ਤਾਂ ਹਰ ਰੋਜ਼ ਰਾਤ ਨੂੰ ਕੀਰਤਨ ਭੀ ਹੋਵੇ। ‘ਦੁਸਿਹਰੇ’ ਦੇ ਪਿਛੋਂ ਚਲਾਣੇ ਦੀ ਕੋਈ ਰਸਮ ਬਾਕੀ ਨਹੀਂ ਰਹਿੰਦੀ।
(ਕ) ਮਿਰਤਕ ਪ੍ਰਾਣੀ ਦਾ ‘ਅੰਗੀਠਾ’ ਠੰਡਾ ਹੋਣ ਤੇ ਸਾਰੀ ਦੇਹ ਦੀ ਭਸਮ ਅਸਥੀਆਂ ਸਮੇਤ ਉਠਾ ਕੇ ਜਲ ਵਿੱਚ ਪ੍ਰਵਾਹ ਕਰ ਦਿੱਤੀ ਜਾਵੇ, ਜਾਂ ਉਥੇ ਹੀ ਦੱਬ ਕੇ ਜਿਮੀਂ ਬਰਾਬਰ ਕਰ ਦਿੱਤੀ ਜਾਵੇ। ਸਸਕਾਰ ਅਸਥਾਨ ’ਤੇ ਮ੍ਰਿਤਕ ਪ੍ਰਾਣੀ ਦੀ ਯਾਦਗਾਰ ਬਣਾਉਣੀ ਮਨ੍ਹਾ ਹੈ।
(ਖ) ਅਧ ਮਾਰਗ, ਸਿਆਪਾ, ਫੂਹੜੀ, ਦੀਵਾ, ਪਿੰਡ, ਕਿਰਿਆ, ਸਰਾਧ, ਬੁਢਾ, ਮਰਨਾ ਆਦਿ ਕਰਨਾ ਮਨਮਤ ਹੈ। ਅੰਗੀਠੇ ਵਿਚੋ ਫੁੱਲ ਚੁਗ ਕੇ ਗੰਗਾ, ਪਤਾਲਪੁਰੀ, ਕਰਤਾਰਪੁਰ ਸਾਹਿਬ ਆਦਿਕ ਥਾਵਾਂ ਵਿੱਚ ਜਾ ਕੇ ਪਾਣੇ ਮਨਮਤ ਹੈ।