ਸੀ. ਬੀ. ਆਈ. ਦੀ ਸਾਂਝੀ ਕਲੋਜ਼ਰ ਰਿਪੋਰਟ ਦਾ ਕੱਚ-ਸੱਚ

0
367

ਸੀ. ਬੀ. ਆਈ. ਦੀ ਸਾਂਝੀ ਕਲੋਜ਼ਰ ਰਿਪੋਰਟ ਦਾ ਕੱਚ-ਸੱਚ

-ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜਿਲ੍ਹਾ ਕਚਹਿਰੀਆਂ, ਪੰਜਾਬ। 98554-01843

ਸੀ. ਬੀ. ਆਈ ਵੱਲੋਂ 29 ਜੂਨ 2019 ਨੂੰ ਤਿਆਰ ਕੀਤੀ ਤੇ 4 ਜੁਲਾਈ 2019 ਨੂੰ ਸੀ. ਬੀ. ਆਈ ਮੈਜਿਸਟ੍ਰੇਟ, ਮੋਹਾਲੀ ਦੀ ਅਦਾਲਤ ਵਿਚ ਸੀ. ਬੀ. ਆਈ ਨੂੰ 2-11-2015 ਦੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਜਾਂਚ ਲਈ ਮਿਲੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਤਿੰਨ ਕੇਸਾਂ ਦੀ ਸਾਂਝੀ ਕਲੋਜ਼ਰ ਰਿਪੋਰਟ ਜਮ੍ਹਾ ਕਰਵਾ ਦਿੱਤੀ ਜਿਸ ਸਬੰਧੀ ਪਹਿਲਾਂ ਤੋਂ ਮਿੱਥੀ ਹੋਈ ਕੇਸ ਦੀ ਤਰੀਕ 23 ਜੁਲਾਈ 2019 ਨੂੰ ਵਿਚਾਰ ਹੋਣਾ ਸੀ ਪਰ ਇਸ ਦਰਮਿਆਨ ਵੱਖ-ਵੱਖ ਧਿਰਾਂ ਵੱਲੋਂ ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਸਬੰਧੀ ਦਰਖਾਸਤਾਂ ਦਾਖਲ ਕਰ ਦਿੱਤੀਆਂ ਗਈਆਂ ਜਿਸ ਸਬੰਧੀ ਨਿਬੇੜਾ ਕਰਦਿਆਂ ਕਲੋਜ਼ਰ ਰਿਪੋਰਟ ਸਬੰਧੀ ਫੈਸਲਾ ਤਿੰਨਾਂ ਮੁਕੱਦਮਿਆਂ ਦੇ ਸ਼ਿਕਾਇਤ ਕਰਤਾਵਾਂ ਵੱਲੋਂ ਜੇ ਉਹ ਚਾਹੁਣ ਤਾਂ ਇਸ ਸਬੰਧੀ ਪ੍ਰੋਟੈਸਟ ਪਟੀਸ਼ਨ ਦਾਖਲ ਕਰਨ ਲਈ 23 ਅਗਸਤ 2019 ਲਈ ਮੁਲਤਵੀ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਸਰੂਪ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ-ਘਰ ’ਚੋ ਚੋਰੀ ਕੀਤਾ ਗਿਆ ਸੀ ਜਿਸ ਸਬੰਧੀ ਥਾਣਾ ਬਾਜਾਖਾਨਾ ਵਿਚ ਮੁਕੱਦਮਾ ਨੰਬਰ 63 ਤਰੀਕ 2 ਜੂਨ 2015 ਦਰਜ ਕੀਤਾ ਗਿਆ ਸੀ, ਬਾਅਦ ਵਿਚ ਗੁਰੂ ਸਾਹਿਬ ਜੀ ਦੇ ਸਰੂਪ ਦੀ ਚੋਰੀ ਦੀ ਜ਼ਿੰਮੇਵਾਰੀ ਲੈਂਦੇ ਇਸ਼ਤਿਹਾਰ ਲਗਾਏ ਗਏ ਸਨ, ਜਿਸ ਸਬੰਧੀ ਮੁਕੱਦਮਾ ਨੰਬਰ 117 ਤਰੀਕ 25 ਸਤੰਬਰ 2015 ਦਰਜ ਕੀਤਾ ਗਿਆ ਅਤੇ ਤੀਸਰਾ ਮੁਕੱਦਮਾ ਪਿੰਡ ਬਰਗਾੜੀ ਵਿਖੇ ਗੁਰੂ ਸਾਹਿਬ ਜੀ ਦੇ ਸਰੂਪ ਦੇ ਖਿੱਲਰੇ ਅੰਗ ਮਿਲਣ ਕਾਰਨ ਮੁਕੱਦਮਾ ਨੰਬਰ 128 ਤਰੀਕ 12 ਅਕਤੂਬਰ 2015 ਦਰਜ ਕੀਤਾ ਗਿਆ ਸੀ ਅਤੇ ਇਹਨਾਂ ਤਿੰਨੇ ਮੁਕੱਦਮਿਆਂ ਦੀ ਜਾਂਚ 2 ਨਵੰਬਰ 2015 ਨੂੰ ਸੀ. ਬੀ. ਆਈ ਨੂੰ ਸੌਂਪ ਦਿੱਤੀ ਗਈ ਸੀ ਜਿਸ ਨੇ ਪੰਜਾਬ ਪੁਲਿਸ ਵੱਲੋਂ ਹੋਰਨਾਂ ਕੇਸਾਂ ਵਿੱਚ ਗ੍ਰਿਫਤਾਰ 10 ਵਿਅਕਤੀਆਂ ਵਿੱਚੋਂ 3 ਡੇਰਾ ਸਿਰਸਾ ਪਰੇਮੀਆਂ ਨੂੰ ਇਹਨਾਂ ਤਿੰਨੇ ਕੇਸਾਂ ਵਿਚ ਨਾਮਜ਼ਦ ਕਰਕੇ ਜਾਂਚ ਸ਼ੁਰੂ ਕੀਤੀ ਸੀ ਅਤੇ ਅੰਤ 4 ਜੁਲਾਈ 2019 ਨੂੰ ਇਹਨਾਂ ਤਿੰਨਾਂ ਕੇਸਾਂ ਦੀ ਸਾਂਝੀ ਕਲੋਜ਼ਰ ਰਿਪੋਰਟ ਅਦਾਲਤ ਵਿਚ ਦਾਖਲ ਕਰ ਦਿੱਤੀ ਜਿਸ ਵਿਚ ਸਾਂਝੀ ਕਲੋਜ਼ਰ ਰਿਪੋਰਟ ਦੇਣ ਦੇ ਮੁੱਖ ਰੂਪ ਵਿਚ 3 ਆਧਾਰ ਬਣਾਏ ਗਏ ਹਨ :

  1. ਕੋਈ ਮੌਕੇ ਦਾ ਗਵਾਹ ਨਹੀਂ ਮਿਲਿਆ।
  2. ਹੱਥ-ਲਿਖਤ ਦੇ ਮਾਹਰ, ਹੱਥਾਂ ਦੇ ਨਿਸ਼ਾਨਾਂ ਦੇ ਮਾਹਰ ਅਤੇ ਮਨੋਵਿਗਿਆਨਕ ਜਾਂਚ ਮਾਹਰਾਂ ਦੀਆਂ ਫੌਰੈਂਸਿਕ ਜਾਂਚ ਰਿਪੋਰਟਾਂ ਵਿੱਚ ਮੌਜੂਦਾਂ ਦੋਸ਼ੀਆਂ ਦੇ ਖਿਲਾਫ ਨਾ ਹੋਣਾ।
  3. ਪੰਜਾਬ ਸਰਕਾਰ ਵੱਲੋਂ 6 ਸਤੰਬਰ 2018 ਦੇ ਨੋਟੀਫਿਕੇਸ਼ਨ ਦੁਆਰਾ ਸੀ. ਬੀ. ਆਈ ਤੋਂ ਜਾਂਚ ਵਾਪਸ ਲੈਣਾ।

ਸਾਂਝੀ ਕਲੋਜ਼ਰ ਰਿਪੋਰਟ ਵਿੱਚ 106 ਗਵਾਹਾਂ ਦੀ ਸੂਚੀ ਅਤੇ 70 ਦਸਤਾਵੇਜਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਮੁੱਢਲੀ ਤਫਤੀਸ਼ ਵਿਚ ਸ਼ਾਮਲ ਕੀਤੇ ਵਿਅਕਤੀਆਂ ਨੂੰ ਮੁੜ ਜਾਂਚ ਵਿੱਚ ਸ਼ਾਮਲ ਕੀਤੇ ਜਾਣ ਦਾ ਵੀ ਜ਼ਿਕਰ ਹੈ ਪਰ ਕਈ ਗੱਲਾਂ ਅਜਿਹੀਆਂ ਵੀ ਹਨ ਜਿਹਨਾਂ ਸਬੰਧੀ ਨਾ ਤਾਂ ਪਹਿਲਾਂ ਮੀਡੀਏ ਵਿਚ ਚਰਚਾ ਹੋਈ ਹੈ ਅਤੇ ਨਾ ਹੀ ਸ਼ਾਇਦ ਆਮ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਹੈ।

ਘਰੇਲੂ ਗੈਸ ਵਾਲਾ, ਨਰੇਗਾ ਮਜਦੂਰ ਤੇ ਖਰਬੂਜਿਆਂ ਵਾਲਾ ?

ਸੀ. ਬੀ. ਆਈ ਦੀ ਸਾਂਝੀ ਕਲੋਜ਼ਰ ਰਿਪੋਰਟ ਮੁਤਾਬਕ 1 ਜੂਨ 2015 ਜਿਸ ਦਿਨ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ-ਘਰ ’ਚੋ ਗੁਰੂ ਸਾਹਿਬ ਜੀ ਦਾ ਸਰੂਪ ਚੋਰੀ ਹੋਣ ਬਾਰੇ ਸਵਰਨਜੀਤ ਕੌਰ ਪਤਨੀ ਗੋਰਾ ਸਿੰਘ ਗ੍ਰੰਥੀ ਨੂੰ ਦੋ ਬੱਚਿਆਂ ਲਵਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਸ਼ਾਮ ਕਰੀਬ 4 ਵਜੇ ਦੱਸਿਆ ਸੀ। ਦੁਪਹਿਰ ਬਾਅਦ ਕਰੀਬ 3 ਵਜੇ ਬੱਚੇ ਗੁਰਮਤ ਕਲਾਸ ਲਈ ਗੁਰੂ-ਘਰ ਪਹੁੰਚਣੇ ਸ਼ੁਰੂ ਹੋ ਗਏ ਸਨ। ਇਸ ਤੋਂ ਪਹਿਲਾਂ ਦੁਪਹਿਰ 2 ਵਜੇ ਤੋਂ ਬਾਅਦ ਇੱਕ ਫਲ਼ ਵੇਚਣ ਵਾਲੇ (ਖਰਬੂਜਿਆਂ ਵਾਲੇ) ਨੇ ਹੋਕਾ ਦੇਣ ਲਈ ਗੁਰੂ-ਘਰ ਦੇ ਦਰਬਾਰ ਹਾਲ ਦੇ ਸਪੀਕਰ ਦੀ ਵਰਤੋਂ ਕੀਤੀ ਸੀ, ਜਿਸ ਨੂੰ ਦਰਬਾਰ ਹਾਲ ਵਿੱਚ ਗ੍ਰੰਥੀ-ਸਿੰਘ ਦੇ ਭਾਈ ਗੋਰਾ ਸਿੰਘ ਦਾ ਬੱਚਾ ਲਵਪ੍ਰੀਤ ਸਿੰਘ ਤੇ ਉਸ ਦਾ ਦੋਸਤ ਗੁਰਪ੍ਰੀਤ ਸਿੰਘ ਲੈ ਕੇ ਗਏ ਸਨ ਅਤੇ ਖਰਬੂਜਿਆਂ ਵਾਲੇ ਨੇ ਦੋਨਾਂ ਬੱਚਿਆਂ ਨੂੰ ਖਾਣ ਲਈ ਇੱਕ ਖਰਬੂਜਾ ਵੀ ਦਿੱਤਾ ਸੀ। ਸੋ ਸਵਾਲ ਉੱਠਦਾ ਹੈ ਕਿ ਕੀ ਉਸ ਖਰਬੂਜਿਆਂ ਵਾਲੇ ਨੂੰ ਕਦੀ ਸ਼ਾਮਲ ਤਫਤੀਸ਼ ਕੀਤਾ ਗਿਆ ਜਾਂ ਨਹੀਂ  ? ਅੱਜ ਤੱਕ ਇਸ ਸਬੰਧੀ ਪੰਜਾਬ ਪੁਲਿਸ ਜਾਂ ਮੀਡੀਆ ਵੱਲੋਂ ਕੋਈ ਗੱਲ ਕਿਉਂ ਨਹੀਂ ਕੀਤੀ  ?  1 ਜੂਨ 2015 ਨੂੰ ਉਸ ਗੁਰੂ-ਘਰ ਵਿੱਚ ਸਵੇਰੇ 11 ਵਜੇ ਘਰੇਲੂ ਗੈਸ ਵਾਲੇ ਨੇ ਵੀ ਹੋਕਾ ਦੇਣ ਲਈ ਗੁਰੂ-ਘਰ ਦੇ ਸਪੀਕਰ ਦੀ ਵਰਤੋਂ ਕੀਤੀ ਸੀ ਅਤੇ ਨਰੇਗਾ ਮਜਦੂਰ ਗੁਰੂ-ਘਰ ਦੀ ਸਫਾਈ ਸਵੇਰ ਤੋਂ ਕਰ ਰਹੇ ਸਨ, ਜਿਹਨਾਂ ਕੋਲ ਰੰਬੇ, ਦਾਤੀਆਂ, ਕਹੀਆਂ ਆਦਿ ਸੰਦ ਸਨ, ਜੋ ਦੁਪਹਿਰ ਦੀ ਰੋਟੀ 1 ਵਜੇ ਖਾ ਕੇ ਦੋਬਾਰਾ 2 ਵਜੇ ਕੰਮ ਕਰਨ ਗੁਰੂ-ਘਰ ਪੁੱਜ ਗਏ ਸਨ।

ਜੇ ਗੁਰੂ-ਘਰ ਦੇ ਸਾਹਮਣੀਆਂ ਦੁਕਾਨਾਂ ਵਾਲਿਆਂ ਦੇ ਦੱਸਣ ਮੁਤਾਬਕ ਕੋਈ ਅਣਸੁਖਾਂਵੀਂ ਜਾਂ ਸ਼ੱਕੀ ਗੱਲ ਨਹੀਂ ਵਾਪਰੀ ਤਾਂ ਕੀ ਇਸ ਗੱਲ ਦੀ ਜਾਂਚ ਕੀਤੀ ਗਈ ਕਿ ਕੀ ਗੁਰੂ ਸਾਹਿਬ ਜੀ ਦਾ ਸਰੂਪ ਗੁਰੂ ਘਰ ਵਿੱਚੋਂ ਕੌਣ ਜਾਂ ਕਿਵੇਂ ਲੈ ਗਿਆ  ?  ਜਾਂ ਕੀ ਗੁਰੂ ਸਾਹਿਬ ਜੀ ਦਾ ਸਰੂਪ ਗੁਰੂ-ਘਰ ਵਿੱਚੋਂ ਬਾਹਰ ਗਿਆ ਵੀ ਸੀ ਜਾਂ ਕੋਈ ਇਕੱਲੇ ਅੰਗ ਪਾੜ ਕੇ ਲੈ ਗਿਆ ? ਜਾਂ ਅੰਗ ਪਾੜਨ ਅਤੇ ਸਰੂਪ ਚੋਰੀ ਹੋਣ ਦੀਆਂ ਘਟਨਾਵਾਂ ਉਸ ਦਿਨ ਵੱਖ-ਵੱਖ ਸਮੇਂ ਕੀਤੀਆਂ ਗਈਆਂ ? ਇਹ ਗੱਲ ਵੀ ਹੈ ਕਿ ਗੁਰੂ-ਘਰ ਦੇ ਸਾਹਮਣੇ ਦੁਕਾਨ ਵਾਲੇ ਗੁਰਦੇਵ ਇੰਸਾਂ ਦਾ ਕਤਲ ਸਿੱਖ ਨੌਜਵਾਨਾਂ ਵੱਲੋਂ ਉਸ ਨੂੰ ਗੁਰੂ ਸਾਹਿਬ ਜੀ ਦਾ ਸਰੂਪ ਚੋਰੀ ਕਰਣ/ਕਰਵਾਉਂਣ ਦੇ ਦੋਸ਼ਾਂ ਤਹਿਤ ਹੀ ਕੀਤਾ ਗਿਆ ਸੀ।

ਡੇਰਾ ਸਿਰਸਾ ਹਲਾਤਾਂ ਮੁਤਾਬਕ ਦੋਸ਼ੀ ?

ਸੀ. ਬੀ. ਆਈ ਨੇ ਆਪਣੀ ਸਾਂਝੀ ਕਲੋਜ਼ਰ ਰਿਪੋਰਟ ਵਿੱਚ ਇਸ ਗੱਲ ਦਾ ਵਿਸ਼ੇਸ਼ ਜ਼ਿਕਰ ਕੀਤਾ ਹੈ ਕਿ ਇਹਨਾਂ ਘਟਨਾਵਾਂ ਸਬੰਧੀ ਕੋਈ ਮੌਕੇ ਦਾ ਗਵਾਹ ਨਹੀਂ ਮਿਲਿਆ ਅਤੇ ਸ਼ਾਇਦ ਸੀ. ਬੀ. ਆਈ ਨੇ ਜਾਣ-ਬੁੱਝ ਕੇ ਅਣਜਾਣਤਾ ਕੀਤੀ ਹੈ ਕਿਉਂਕਿ ਜਿੰਨਾਂ ਕੇਸਾਂ ਵਿੱਚ ਮੌਕੇ ਦਾ ਕੋਈ ਗਵਾਹ ਨਹੀਂ ਮਿਲਦਾ ਉੱਥੇ ਹਲਾਤਾਂ ਮੁਤਾਬਕ ਜਾਂਚ ਕੀਤੀ ਜਾਂਦੀ ਹੈ ਅਤੇ ਦੋਸ਼ੀ ਨਾਮਜ਼ਦ ਕੀਤੇ ਜਾਂਦੇ ਹਨ। ਹਲਾਤ ਇਹ ਦਰਸਾਉਂਦੇ ਹਨ ਕਿ ਡੇਰਾ ਸਿਰਸਾ ਅਤੇ ਸਿੱਖਾਂ ਵਿਚਕਾਰ 2007 ਵਿੱਚ ਡੇਰਾ ਸਿਰਸਾ ਮੁਖੀ ਵੱਲੋਂ ਦਸਮ ਪਾਤਸ਼ਾਹ ਦਾ ਸਵਾਂਗ ਰਚਣ ਤੋਂ ਟਕਰਾਅ ਸੀ, ਜਿਸ ਕਾਰਨ ਡੇਰਾ ਸਿਰਸਾ ਮੁਖੀ ਪੰਜਾਬ ਵਿੱਚ ਨਹੀਂ ਸੀ ਆ ਸਕਿਆ। ਉਸ ਨੂੰ ਮਾਰਨ ਲਈ ਸਿੱਖ ਨੌਜਵਾਨਾਂ ਦੇ ਬਲਾਸਟ ਵੀ ਕੀਤਾ। ਉਸ ਦੇ ਪ੍ਰੇਮੀ ਪੰਜਾਬ, ਭਾਰਤ ਅਤੇ ਵਿਦੇਸ਼ਾਂ ਵਿੱਚ ਘਟ ਰਹੇ ਸਨ, ਇਸ ਲਈ ਉਹ ਸਿੱਖਾਂ ਨੂੰ ਦੋਸ਼ੀ ਮੰਨਦਾ ਸੀ। ਸਿੱਖ ਉਸ ਦੀ ਹਰ ਚੀਜ਼ ਦਾ, ਹਰ ਥਾਂ ਵਿਰੋਧ ਕਰ ਰਹੇ ਸਨ। ਉਸ ਦੀਆਂ ਬੇਹੁਦਾ ਫਿਲਮਾਂ ਦਾ ਵੀ ਵਿਰੋਧ ਸਿੱਖਾਂ ਨੇ ਹੀ ਕੀਤਾ ਤਾਂ ਫਿਰ ਉਸ ਨੇ ਵੱਡੀ ਸਾਜ਼ਿਸ਼ ਤਹਿਤ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ। ਘਟਨਾਵਾਂ ਦੀਆਂ ਤਰੀਕਾਂ, ਹਲਾਤਾਂ ਦੀ ਗਵਾਹੀ; ਡੇਰਾ ਸਿਰਸਾ ਨੂੰ ਦੋਸ਼ੀ ਸਿੱਧ ਕਰਦੀਆਂ ਹਨ, ਜਿਸ ਤਹਿਤ 1 ਜੂਨ 2015 ਨੂੰ ਗੁਰੂ ਸਾਹਿਬ ਜੀ ਦਾ ਸਰੂਪ ਚੋਰੀ ਹੋਣਾ।  

1 ਜੂਨ ਨੂੰ ਹੀ ਉਸ ਗੁਰੂ-ਘਰ ਵਿੱਚ ਸ਼ੱਕੀਆਂ ਦਾ ਬਾਰ-ਬਾਰ ਆਉਂਣਾ, ਗੁਰੂ-ਘਰ ਸਾਹਮਣੇ ਡੇਰਾ ਪ੍ਰੇਮੀ ਗੁਰਦੇਵ ਇੰਸਾਂ ਦੀ ਦੁਕਾਨ, ਜਿਸ ਦਾ ਕਤਲ ਬਾਅਦ ਵਿੱਚ ਨੌਜਵਾਨਾਂ ਨੇ ਆਪਣੇ ਤੌਰ ’ਤੇ ਕੀਤੀ ਜਾਂਚ ਮੁਤਾਬਕ ਉਸ ਨੂੰ ਦੋਸ਼ੀ ਮੰਨ ਕੇ ਕੀਤਾ।  18 ਸਤੰਬਰ 2015 ਨੂੰ ਡੇਰਾ ਸਿਰਸਾ ਮੁਖੀ ਦੀ ਫਿਲਮ ਪੰਜਾਬ ਤੋਂ ਇਲਾਵਾ ਬਾਕੀ ਭਾਰਤ ਵਿੱਚ ਰਿਲੀਜ਼ ਹੋਣਾ, ਡੇਰਾ ਪਰੇਮੀਆਂ ਵੱਲੋਂ ਧਰਨੇ ਮੁਜ਼ਾਹਰੇ, 23 ਸਤੰਬਰ ਨੂੰ ਪੰਜਾਬ ਵਿੱਚ ਵੀ ਡੇਰਾ ਸਿਰਸਾ ਮੁਖੀ ਦੀ ਫਿਲਮ ਰਿਲੀਜ਼ ਹੋਣਾ, 24/25 ਸਤੰਬਰ 2015 ਨੂੰ ਡੇਰਾ ਸਿਰਸਾ ਪਰੇਮੀਆਂ ਵੱਲੋਂ ਧਮਕੀ ਭਰੇ ਇਸ਼ਤਿਹਾਰ ਲਾਉਂਣੇ, 24 ਸਤੰਬਰ 2015 ਨੂੰ ਡੇਰਾ ਸਿਰਸਾ ਮੁਖੀ ਨੂੰ 2007 ਦੀ ਘਟਨਾ ਲਈ ਬੇਅਣਖੇ ਜਥੇਦਾਰਾਂ ਵੱਲੋਂ ਮੁਆਫੀ ਦੇਣੀ, 12 ਅਕਤੂਬਰ 2015 ਨੂੰ ਗੁਰੂ ਸਾਹਿਬ ਜੀ ਦੇ ਅੰਗ; ਬਰਗਾੜੀ ਦੀਆਂ ਗਲੀਆਂ ਵਿੱਚ ਖਿੱਲਰੇ ਮਿਲਣੇ ਤੇ 17 ਅਕਤੂਬਰ 2015 ਨੂੰ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫੀ ਖਾਰਜ਼ ਹੋਣੀ। ਇਹ ਸਾਰੀਆਂ ਘਟਨਾਵਾਂ ਅਤੇ ਹਲਾਤ ਇਸ ਗੱਲ ਵੱਲ ਸਿੱਧਾ ਇਸ਼ਾਰਾ ਕਰਦੇ ਹਨ ਕਿ ਇਹ ਸਭ ਕੁਝ ਬਹੁਤ ਵੱਡੀ ਸਾਜ਼ਿਸ਼ ਤਹਿਤ ਹੋਇਆ ਹੈ ਅਤੇ ਇਸ ਦੇ ਸੂਤਰਧਾਰ ਡੇਰਾ ਸਿਰਸਾ ਮੁਖੀ ਨੂੰ ਇਸ ਸਬੰਧੀ ਕੋਈ ਪੁੱਛ-ਪੜਤਾਲ ਹੀ ਨਹੀਂ ਕੀਤੀ ਗਈ ਜਦ ਕਿ ਉਸ ਨੂੰ ਪੁਲਿਸ ਰਿਮਾਂਡ ਵਿੱਚ ਲੈ ਕੇ ਹੀ ਸਭ ਕੁਝ ਉਜਾਗਰ ਹੋ ਸਕਦਾ ਹੈ ਕਿ ਉਸ ਵੱਲੋਂ ਇਹਨਾਂ ਤਿੰਨੇ ਘਟਨਾਵਾਂ ਲਈ ਕਿੰਨੀਆਂ ਟੀਮਾਂ ਬਣਾਈਆਂ ਗਈਆਂ ਸਨ ? ਹੋ ਸਕਦਾ ਹੈ ਕਿ ਉਹਨਾਂ ਟੀਮਾਂ ਦਾ ਆਪਸੀ ਕੋਈ ਸਬੰਧ ਨਾ ਹੀ ਹੋਵੇ ? ਇਹ ਵੀ ਹੋ ਸਕਦਾ ਹੈ ਕਿ ਕੰਮ ਕਰਵਾਇਆ ਕਿਸੇ ਹੋਰ ਕੋਲੋਂ ਹੋਵੇ ਤੇ ਇੰਕਸਾਫ ਕਿਸੇ ਹੋਰ ਤੋਂ ਕਰਵਾ ਦਿੱਤੇ ਹੋਣ, ਜਿਸ ਕਾਰਨ ਵਿਗਿਆਨਕ ਜਾਂਚ ਵਿੱਚ ਕੋਈ ਸਬੂਤ ਨਾ ਬਣ ਸਕੇ ?

ਬੇਅੰਤ ਸੁਨਿਆਰੇ ਤੋਂ ਅੰਗ 115 ਦੀ ਬਰਾਮਦਗੀ  ?

ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ 12 ਅਕਤੂਬਰ 2015 ਨੂੰ ਗੁਰੂ ਸਾਹਿਬ ਜੀ ਦੇ ਅੰਗ ਮਿਲਣ ਤੋਂ ਬਾਅਦ 17 ਅਕਤੂਬਰ 2015 ਨੂੰ ਪਿੰਡ ਕੋਟ ਸੁੱਖੇ ਦੇ ਬੇਅੰਤ ਸੁਨਿਆਰੇ ਕੋਲੋਂ ਪੁਲਿਸ ਨੇ ਗੁਰੂ ਸਾਹਿਬ ਜੀ ਦੇ ਅੰਗ 115 ਦੀ ਬਰਾਮਦਗੀ ਕੀਤੀ। ਇਸ ਵਿਅਕਤੀ ਕੋਲ ਗੁਰੂ ਸਾਹਿਬ ਜੀ ਦਾ ਅੰਗ ਕਿਵੇਂ ਪਹੁੰਚਾ  ? ਇਹ ਤੱਥ ਵੀ ਜਾਂਚ ਦੀ ਮੰਗ ਕਰਦਾ ਹੈ।      

ਸਾਂਝੀ ਕਲੋਜ਼ਰ ਰਿਪੋਰਟ ਦਾ ਬਣੇਗਾ ਕੀ ?

ਸਭ ਦੇ ਮਨ ਵਿੱਚ ਇਹੀ ਸਵਾਲ ਹੈ ਕਿ ਕੀ ਹੁਣ ਬੇਅਦਬੀ ਦੇ ਉਕਤ ਤਿੰਨੋਂ ਕੇਸ ਖ਼ਤਮ ਹੋ ਗਏ ਹਨ ? ਪਰ ਅਜਿਹਾ ਨਹੀਂ ਹੈ। ਇੱਕ ਗੱਲ ਤਾਂ ਸਪੱਸ਼ਟ ਹੈ ਕਿ ਇਹਨਾਂ ਕੇਸਾਂ ਦੀ ਜਾਂਚ ਹੁਣ ਸੀ. ਬੀ. ਆਈ. ਨਹੀਂ ਕਰੇਗੀ ਅਤੇ ਨਾ ਹੀ ਇਹ ਕੇਸ ਸੀ. ਬੀ. ਆਈ. ਆਦਾਲਤ ਵਿੱਚ ਚੱਲ ਸਕਦਾ ਹੈ। ਸੀ. ਬੀ. ਆਈ. ਕੋਲੋਂ ਹੀ ਜਦੋਂ ਜਾਂਚ ਵਾਪਸ ਲੈ ਲਈ ਗਈ ਹੈ ਤਾਂ ਹੁਣ ਕੇਸ ਸੀ. ਬੀ. ਆਈ. ਮੈਜਿਸਟ੍ਰੇਟ ਮੋਹਾਲੀ ਵੱਲੋਂ ਉਸੇ ਤਰ੍ਹਾਂ ਫਾਈਲ ਵਾਪਸ ਫਰੀਦਕੋਟ ਅਦਾਲਤ ਵਿੱਚ ਭੇਜ ਦਿੱਤੀ ਜਾਵੇਗੀ ਜਿਸ ਤਰ੍ਹਾਂ ਫਾਈਲ 2015 ਵਿੱਚ ਸੀ. ਬੀ. ਆਈ. ਨੂੰ ਜਾਂਚ ਮਿਲਣ ਤੋਂ ਬਾਅਦ ਫਰੀਦਕੋਰਟ ਅਦਾਲਤ ਵੱਲੋਂ ਸੀ. ਬੀ. ਆਈ. ਮੈਜਿਸਟ੍ਰੇਟ ਮੋਹਾਲੀ ਨੂੰ ਭੇਜੀ ਗਈ ਸੀ ਅਤੇ ਜਾਂਚ ਦੀ ਫਾਈਲ ਵੀ ਸੀ. ਬੀ. ਆਈ. ਵੱਲੋਂ ਮੁੜ ਪੰਜਾਬ ਪੁਲਿਸ ਨੂੰ ਵਾਪਸ ਮਿਲ ਜਾਵੇਗੀ। ਦੇਖਣਾ ਇਹ ਹੈ ਕਿ ਹੁਣ ਪੰਜਾਬ ਸਰਕਾਰ ਅਤੇ ਪੁਲਿਸ ਇਹਨਾਂ ਕੇਸਾਂ ਨੂੰ ਕਿਸ ਪਾਸੇ ਵੱਲ ਲੈ ਕੇ ਜਾਵੇਗੀ ? ਵੈਸੇ ਇਸ ਮੁਲਕ ਵਿੱਚ ਸਿੱਖਾਂ ਨੂੰ ਨਿਆਂ ਦੀ ਆਸ ਜ਼ਿਆਦਾ ਨਹੀਂ ਪਰ ਫਿਰ ਵੀ ਕੌਮਾਂਤਰੀ ਭਾਈਚਾਰੇ ਅੱਗੇ ਰੱਖਣ ਲਈ ਸਾਨੂੰ ਇਸ ਸਭ ਕਾਸੇ ਵਿੱਚੋਂ ਲੰਘਣਾ ਹੀ ਪੈਣਾ ਹੈ। ਅਸਲ ਗੱਲ ਤਾਂ ਇਹ ਹੈ ਕਿ ਖਾਲਸਾ ਨਿਆਂ-ਸ਼ਾਸਤਰ ਦੇ ਲਾਗੂ ਹੋਣ ਨਾਲ ਹੀ ਇਨਸਾਫ਼ ਮਿਲ ਸਕਦਾ ਹੈ। ਬਾਜਾਂ ਵਾਲਾ ਆਪ ਸਹਾਈ ਹੋਵੇ।

-0-