ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

0
348

ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

ਦਿਲਜੀਤ ਸਿੰਘ ਬੇਦ

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਇਸ ਧਰਤੀ ਉਪਰੋਂ ਜ਼ੁਲਮ ਦਾ ਖਾਤਮਾ ਕਰ ਕੇ ਧਰਮ ਦੀ ਸਥਾਪਨਾ ਕਰਨ ਹਿੱਤ ਹੋਈਆਂ ਜੰਗਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦਾ ਧਰਮ ਯੁੱਧ ਆਪਣੇ ਅੰਦਰ ਇਕ ਨਿਵੇਕਲੀ ਦਾਸਤਾਨ ਨੂੰ ਸਮੋਈ ਬੈਠਾ ਹੈ। ਸ੍ਰੀ ਮੁਕਤਸਰ ਸਾਹਿਬ ਨੂੰ ਪਹਿਲਾਂ ਖਿਦਰਾਣੇ ਦੀ ਢਾਬ ਦੇ ਨਾਮ ਨਾਲ ਜਾਣਿਆ ਜਾਂਦਾ ਸੀ ਕਿਉਂਕਿ ਚਾਰੇ ਪਾਸਿਉਂ ਮੀਂਹ ਦਾ ਪਾਣੀ ਇੱਥੇ ਇਕੱਠਾ ਹੋ ਜਾਂਦਾ ਸੀ। ਰੇਤਲੇ ਇਲਾਕੇ ਵਿਚ ਪਾਣੀ ਦੀ ਬੇਹੱਦ ਘਾਟ ਹੋਣ ਕਾਰਨ ਇਹ ਢਾਬ ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਪਾਣੀ ਦੀ ਲੋੜ ਪੂਰਤੀ ਦਾ ਇਕ ਵੱਡਾ ਸਰੋਤ ਸੀ। ਰੇਤਲੇ ਟਿੱਬਿਆਂ ਵਾਲੀ ਇਸ ਧਰਤੀ ਨੂੰ ਭਾਗ ਕਿਵੇਂ ਲੱਗੇ ਇਹ ਇਤਿਹਾਸ ਦੀ ਬੇਮਿਸਾਲ ਦਾਸਤਾਨ ਹੈ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਖ਼ਾਤਰ ਲੜੀਆਂ ਜੰਗਾਂ ਵਿਚ ਬਹਾਦਰੀ ਨਾਲ ਦੁਸ਼ਮਣਾਂ ਦਾ ਟਾਕਰਾ ਕੀਤਾ ਅਤੇ ਸਦਾ ਚੜ੍ਹਦੀ ਕਲਾ ਤੇ ਭਾਣੇ ਵਿਚ ਰਹੇ। ਪਹਾੜੀ ਰਾਜਿਆਂ ਨੇ ਗੁਰੂ ਜੀ ਦਾ ਮੁਕਾਬਲਾ ਕਰਨ ਲਈ ਔਰੰਗਜ਼ੇਬ ਅੱਗੇ ਫ਼ਰਿਆਦ ਕੀਤੀ ਉਸ ਨੇ ਪਹਾੜੀ ਰਾਜਿਆਂ ਦੀ ਮਦਦ ਲਈ ਲਾਹੌਰ ਅਤੇ ਸਰਹਿੰਦ ਦੇ ਸੂਬੇਦਾਰਾਂ ਨੂੰ ਫ਼ੁਰਮਾਨ ਜਾਰੀ ਕਰ ਦਿੱਤੇ, ਇਸ ਤਰ੍ਹਾਂ ਲਾਹੌਰ ਸਰਹਿੰਦ ਅਤੇ ਪਹਾੜੀ ਰਾਜਿਆਂ ਦੇ ਟਿੱਡੀ ਦਲਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ ਘੇਰਾ ਪਾ ਲਿਆ। ਗੁਰੂ ਜੀ ਦੇ ਸੂਰਬੀਰ ਯੋਧਿਆਂ ਨੇ ਕਈ ਮਹੀਨੇ ਡਟ ਕੇ ਬੜੀ ਬਹਾਦਰੀ ਨਾਲ ਮੁਕਾਬਲਾ ਕੀਤਾ। ਖ਼ਾਲਸਾ ਫ਼ੌਜ ਦੇ ਛਾਪਾਮਾਰ ਹਮਲਿਆਂ ਨਾਲ ਦੁਸ਼ਮਣ ਦੇ ਹੌਂਸਲੇ ਪਸਤ ਹੋ ਗਏ ਪਰ ਲੰਬੇ ਸਮੇਂ ਤਕ ਨਿੱਤ ਦੀ ਲੜਾਈ ਕਾਰਨ ਖ਼ਾਲਸਾ ਫ਼ੌਜ ਦੀ ਗਿਣਤੀ ਘਟਦੀ ਜਾ ਰਹੀ ਸੀ। ਭਾਵੇਂ ਰਾਸ਼ਨ-ਪਾਣੀ ਵੀ ਮੁੱਕਦਾ ਜਾ ਰਿਹਾ ਸੀ ਪਰ ਫਿਰ ਵੀ ਸਿੰਘ ਡਟਵਾਂ ਮੁਕਾਬਲਾ ਕਰ ਰਹੇ ਸਨ। ਕੁਝ ਸਿੰਘਾਂ ਨੇ ਗੁਰੂ ਜੀ ਨੂੰ ਕਿਲ੍ਹਾ ਛੱਡ ਦੇਣ ਦੀ ਸਲਾਹ ਵੀ ਦਿੱਤੀ, ਪਰੰਤੂ ਗੁਰੂ ਜੀ ਨੇ ਦੂਰ-ਅੰਦੇਸ਼ੀ ਨਾਲ ਕੁਝ ਸਮਾਂ ਹੋਰ ਉਡੀਕ ਕਰਨ ਲਈ ਕਿਹਾ ਇਸ ਦੇ ਬਾਵਜੂਦ ਥੋੜ੍ਹੇ ਦਿਨਾਂ ਪਿੱਛੋਂ ਦੁਸ਼ਮਣਾਂ ਵੱਲੋਂ ਖਾਧੀਆਂ ਕਸਮਾਂ ਅਤੇ ਸਿੰਘਾਂ ਦੇ ਜ਼ੋਰ ਦੇਣ ’ਤੇ ਕਿਲ੍ਹਾ ਖ਼ਾਲੀ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਛੱਡ ਦਿੱਤਾ। ਕਿਲ੍ਹਾ ਖ਼ਾਲੀ ਕਰਨ ਦੀ ਦੇਰ ਸੀ ਕਿ ਦੁਸ਼ਮਣ ਫ਼ੌਜਾਂ ਨੇ ਸਭ ਕਸਮਾਂ ਇਕਰਾਰ ਭੁੱਲ ਕੇ ਪਿੱਛੋਂ ਹਮਲਾ ਕਰ ਦਿੱਤਾ। ਸਿਰਸਾ ਨਦੀ ਪਾਰ ਕਰਦਿਆਂ ਗੁਰੂ ਜੀ ਦਾ ਸਾਰਾ ਪਰਿਵਾਰ ਵਿਛੜ ਗਿਆ, ਕੀਮਤੀ ਸਾਹਿਤ ਅਤੇ ਭਾਰੀ ਮਾਤਰਾ ਵਿਚ ਹੋਰ ਮਾਲ-ਅਸਬਾਬ ਕਈ ਸਿੰਘਾਂ ਸਮੇਤ ਸਿਰਸਾ ਵਿਚ ਆਏ ਹੜ ਦੀ ਭੇਂਟ ਚੜ੍ਹ ਗਿਆ।

ਉੱਧਰ ਗੁਰੂ ਜੀ ਤੋਂ ਹਾਲਾਤਾਂ ਕਾਰਨ ਵਿਛੜੇ ਸਿੱਖਾਂ ਦੇ ਘਰ ਪਹੁੰਚਣ ’ਤੇ ਉਨ੍ਹਾਂ ਦੀਆਂ ਮਾਤਾਵਾਂ, ਭੈਣਾਂ ਤੇ ਸੁਪਤਨੀਆਂ ਨੇ ਉਨ੍ਹਾਂ ਨੂੰ ਅਜਿਹੇ ਸਮੇਂ ਗੁਰੂ ਸਾਹਿਬ ਦਾ ਸਾਥ ਮੁੜ ਦੇਣ ਲਈ ਪ੍ਰੇਰਿਆ। ਪਰਿਵਾਰਾਂ ਦਾ ਵੀ ਰੋਹ ਜਾਗਿਆ ਦੇਖ ਕੇ ਸਾਰੇ ਸਿੰਘ ਮੁੜ ਮਾਤਾ ਭਾਗ ਕੌਰ ਜੀ ਸਮੇਤ ਦੁਬਾਰਾ ਗੁਰੂ ਜੀ ਦੀ ਤਲਾਸ਼ ਲਈ ਚੱਲ ਪਏ। ਰਸਤੇ ਵਿਚ ਇਨ੍ਹਾਂ ਸਿੰਘਾਂ ਨੂੰ ਗੁਰੂ ਜੀ ਦੇ ਸ੍ਰੀ ਅਨੰਦਪੁਰ ਸਾਹਿਬ ਛੱਡਣ, ਚਮਕੌਰ ਸਾਹਿਬ ਦੀ ਜੰਗ, ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਆਦਿ ਦੇ ਸਮਾਚਾਰ ਮਿਲ ਰਹੇ ਸਨ। ਸਿੰਘਾਂ ਦਾ ਖ਼ੂਨ ਹੋਰ ਵੀ ਖ਼ੌਲ ਪਿਆ ਅਤੇ ਉਹ ਪੁੱਛਦੇ-ਪੁਛਾਉਂਦੇ ਜਿੱਧਰ ਨੂੰ ਗੁਰੂ ਜੀ ਗਏ ਸਨ, ਮਗਰੇ-ਮਗਰ ਤੁਰ ਪਏ, ਓਧਰ ਗੁਰੂ ਜੀ ਚਮਕੌਰ ਸਾਹਿਬ, ਮਾਛੀਵਾੜਾ, ਕਟਾਣੀ, ਕਨੇਚ, ਆਲਮਗੀਰ, ਮੋਹੀ, ਹੇਰ, ਕਮਾਲਪੁਰ, ਲੰਮੇ, ਸੀਲੋਆਣੀ, ਰਾਏਕੋਟ, ਦੀਨਾ, ਕੋਟਕਪੂਰਾ ਆਦਿ ਹੁੰਦੇ ਹੋਏ ਜਦ ਜੈਤੋ ਪੁੱਜੇ ਤਾਂ ਪਤਾ ਲੱਗਾ ਕਿ ਸੂਬਾ ਸਰਹਿੰਦ ਭਾਰੀ ਲਾਓ-ਲਸ਼ਕਰ ਨਾਲ ਆਪ ਦਾ ਪਿੱਛਾ ਕਰਦਾ ਹੋਇਆ ਆ ਰਿਹਾ ਹੈ। ਗੁਰੂ ਜੀ ਨੇ ਯੁੱਧ ਨੀਤੀ ਅਨੁਸਾਰ ਖਿਦਰਾਣੇ ਦੀ ਢਾਬ ਨਜ਼ਦੀਕ ਉਸ ਨਾਲ ਟਾਕਰਾ ਕਰਨਾ ਵਧੇਰੇ ਯੋਗ ਸਮਝਿਆ। ਮਾਝੇ ਦੇ ਸਿੰਘਾਂ ਦਾ ਜਥਾ ਜਦੋਂ ਕਲਗੀਧਰ ਪਾਤਸ਼ਾਹ ਜੀ ਦੀ ਭਾਲ ਕਰਦਾ ਹੋਇਆ ਖਿਦਰਾਣੇ ਦੀ ਢਾਬ ਪਾਸ ਪੁੱਜਾ ਤਾਂ ਇਨ੍ਹਾਂ ਨੂੰ ਵੀ ਵਜ਼ੀਦ ਖਾਨ ਦੀ ਸੈਨਾ ਦੇ ਪੁੱਜਣ ਦੀ ਖ਼ਬਰ ਮਿਲੀ ਜਿਸ ’ਤੇ ਸਿੰਘਾਂ ਨੇ ਆਪੋ-ਆਪਣੇ ਮੋਰਚੇ ਸੰਭਾਲ਼ ਲਏ। ਸਿੰਘਾਂ ਦੀ ਯੁੱਧ ਨੀਤੀ ਪੂਰੀ ਤਰ੍ਹਾਂ ਸਫਲ ਰਹੀ ਕਿਉਂਕਿ ਉਨ੍ਹਾਂ ਮੁਗ਼ਲ ਫ਼ੌਜਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਮਾਤਾ ਭਾਗ ਕੌਰ ਅਤੇ ਭਾਈ ਮਹਾਂ ਸਿੰਘ ਦੀ ਅਗਵਾਈ ਹੇਠ ਸਿੰਘਾਂ ਨੇ ਇਕ ਦਮ ਦੁਸ਼ਮਣ ਫ਼ੌਜ ’ਤੇ ਹੱਲਾ ਬੋਲ ਦਿੱਤਾ। ਸੈਂਕੜੇ ਮੁਗ਼ਲ ਸੈਨਿਕ ਮਾਰੇ ਗਏ।

ਉੱਧਰ ਦਸਮ ਪਿਤਾ ਇਕ ਉੱਚੀ-ਟਿੱਬੀ ’ਤੇ ਖੜ੍ਹੇ ਸਿੱਖਾਂ ਦੀ ਬੀਰਤਾ ਨੂੰ ਤੱਕ ਰਹੇ ਸਨ ਤੇ ਆਪਣੀ ਕਮਾਨ ਵਿੱਚੋਂ ਅਣੀਆਲੇ ਤੀਰ ਮੁਗ਼ਲ ਸੈਨਾਪਤੀਆਂ ਨੂੰ ਚੁਣ ਚੁਣ ਛੇਦ ਰਹੇ ਸਨ, ਜਿਨ੍ਹਾਂ ਦਾ ਸਾਥ ਗੁਰੂ ਗੋਬਿੰਦ ਸਿੰਘ ਜੀ ਨਾਲ਼ ਚਲ ਰਿਹਾ ਜਥਾ ਵੀ ਦੇ ਰਿਹਾ ਸੀ। ਬਹਾਦਰ ਸਿੰਘ ਤਲਵਾਰਾਂ ਲੈ ਕੇ ਮੁਗ਼ਲਾਂ ਉੱਤੇ ਟੁੱਟ ਪਏ। ਮੁਗ਼ਲਾਂ ਦੇ ਮੈਦਾਨੋਂ ਭੱਜ ਜਾਣ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰਣਭੂਮੀ ਵਿਚ ਆ ਕੇ ਵੇਖਿਆ ਕਿ ਢਾਬ ਕੰਢੇ ਜ਼ਖ਼ਮੀ ਹਾਲ ਵਿਚ ਬੈਠੀ ਮਾਤਾ ਭਾਗੋ ਜੀ ਆਪਣੇ ਜ਼ਖ਼ਮਾਂ ਨੂੰ ਧੋ ਰਹੀ ਸੀ। ਮਾਤਾ ਭਾਗੋ ਜੀ ਨੇ ਪਾਤਸ਼ਾਹ ਨੂੰ ਸੂਰਬੀਰ ਸਿੰਘਾਂ ਦੀ ਬਹਾਦਰੀ ਅਤੇ ਸ਼ਹਾਦਤਾਂ ਦੀ ਗਾਥਾ ਸੁਣਾਈ। ਪਾਤਸ਼ਾਹ ਨੇ ਜੰਗ ’ਚ ਜੂਝੇ ਸੂਰਮਿਆਂ ਨੂੰ ਅਤਿਅੰਤ ਸਨੇਹ ਨਾਲ ਪੰਜ ਹਜ਼ਾਰੀ, ਸਤ ਹਜ਼ਾਰੀ, ਦਸ ਹਜ਼ਾਰੀ ਆਦਿ ਦਾ ਖਿਤਾਬ ਦਿੰਦੇ ਹੋਏ ਹਰੇਕ ਨੂੰ ਆਪਣੇ ਕਰ-ਕਮਲਾਂ ਨਾਲ ਪਲੋਸਿਆ। ਏਨੇ ਨੂੰ ਭਾਈ ਮਹਾਂ ਸਿੰਘ ਸਹਿਕਦਾ ਹੋਇਆ ਗੁਰੂ ਜੀ ਦੀ ਨਜ਼ਰੀਂ ਪਿਆ। ਪਾਤਸ਼ਾਹ ਨੇ ਉਸ ਦੇ ਸੀਸ ਨੂੰ ਜਦੋਂ ਗੋਦ ਵਿਚ ਲਿਆ ਅਤੇ ਉਸ ਦਾ ਮੂੰਹ ਪੂੰਝਿਆ ਤਾਂ ਉਸ ਦੀਆਂ ਅੱਖਾਂ ਖੁੱਲ੍ਹ ਗਈਆਂ। ਜਿਸ ਗੁਰੂ ਜੀ ਦਾ ਧਿਆਨ ਉਸ ਦੇ ਹਿਰਦੇ ਵਿਚ ਸੀ, ਉਨ੍ਹਾਂ ਦੀ ਗੋਦ ਵਿਚ ਹੀ ਉਹ ਉਨ੍ਹਾਂ ਦਾ ਦੀਦਾਰ ਕਰ ਰਿਹਾ ਸੀ। ਗੁਰੂ ਕਲਗੀਧਰ ਜੀ ਨੇ ਗੋਦੀ ’ਚ ਲਏ ਭਾਈ ਮਹਾਂ ਸਿੰਘ ਦਾ ਅੰਤਮ ਸਮਾਂ ਨੇੜੇ ਆਉਂਦਾ ਵੇਖ ਉਸ ਦੇ ਜੀਵਨ ਦੀ ਕਿਸੇ ਇੱਛਾ ਬਾਰੇ ਜਦੋਂ ਪੁੱਛਿਆ ਤਾਂ ਭਰੀਆਂ ਅੱਖਾਂ ਨਾਲ ਮਹਾਂ ਸਿੰਘ ਨੇ ਕਿਹਾ ਉਤਮ ਭਾਗ ਹਨ, ਅੰਤ ਸਮੇਂ ਆਪ ਦੇ ਦਰਸ਼ਨ ਹੋ ਗਏ, ਸਭ ਇੱਛਾ ਪੂਰੀਆਂ ਹੋ ਗਈਆਂ ਹਨ। ਜੇ ਆਪ ਤੁੱਠੇ ਹੋ ਤਾਂ ਕਿਰਪਾ ਕਰੋ ਕਿ ਆਪ ਜੀ ਟੁੱਟੀ ਗੰਢ ਲਓ। ਟੁੱਟੀ ਗੰਢਣਹਾਰ ਅਤੇ ਭੁੱਲਾਂ ਬਖ਼ਸ਼ਣਹਾਰ ਸਤਿਗੁਰੂ ਜੀ ਤੁੱਠ ਪਏ। ਭਾਈ ਮਹਾਂ ਸਿੰਘ ਨੇ ਗੁਰੂ ਸਾਹਿਬ ਦੇ ‘ਧੰਨ ਸਿੱਖੀ’ ਦੇ ਬੋਲ ਸੁਣ ਸਵਾਸ ਤਿਆਗ ਦਿੱਤੇ। ਸ਼ਹੀਦ ਹੋਏ ਸਿੰਘਾਂ ਦਾ ਸਸਕਾਰ ਕਰਵਾ ਗੁਰੂ ਸਾਹਿਬ ਨੇ ‘ਖ਼ਾਲਸਾ ਮੇਰੋ ਰੂਪ ਹੈ ਖ਼ਾਸ’ ਦੇ ਸਿਧਾਂਤ ਨੂੰ ਅਮਲੀ ਰੂਪ ਦਿੰਦਿਆਂ ਢਾਬ ਨੂੰ ‘ਮੁਕਤੀ ਦਾ ਸਰ’ ਹੋਣ ਦਾ ਖਿਤਾਬ ਬਖ਼ਸ਼ਿਆ। ਅੱਜ ਇਹ ਸਥਾਨ ਸੰਸਾਰ ’ਚ ‘ਸ੍ਰੀ ਮੁਕਤਸਰ ਸਾਹਿਬ’ ਦੇ ਨਾਮ ਨਾਲ ਪ੍ਰਸਿੱਧ ਹੈ। ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਅੱਜ ਵੀ ਸਾਨੂੰ ਚਾਲੀ ਮੁਕਤਿਆਂ ਦੀ ਪੰਥਕ ਏਕਤਾ ਅਤੇ ਦੇਸ਼ ਕੌਮ ਪ੍ਰਤੀ ਆਪਾ ਵਾਰਨ ਦੀ ਭਾਵਨਾ ਨੂੰ ਦ੍ਰਿੜ੍ਹ ਕਰਵਾਉਂਦਾ ਹੈ ਅਤੇ ਸਾਨੂੰ ਵੀ ਦੇਸ਼, ਧਰਮ ਦੀ ਰੱਖਿਆ ਖ਼ਾਤਰ ਆਪਣਾ ਤਨ, ਮਨ, ਧਨ ਕੁਰਬਾਨ ਕਰਨ ਦੀ ਪ੍ਰੇਰਨਾ ਦਿੰਦਾ ਹੈ।

ਮੁਕਤਸਰ ਦੇ 40 ਸ਼ਹੀਦ ਮੁਕਤਿਆਂ ਦੇ ਨਾਂ ‘ਸਮੀਰ ਸਿੰਘ, ਸਰਜਾ ਸਿੰਘ, ਸਾਧੂ ਸਿੰਘ, ਸੁਹੇਲ ਸਿੰਘ, ਸੁਲਤਾਨ ਸਿੰਘ, ਸੋਭਾ ਸਿੰਘ, ਸੰਤ ਸਿੰਘ, ਹਰਸਾ ਸਿੰਘ, ਹਰੀ ਸਿੰਘ, ਕਰਨ ਸਿੰਘ, ਕਰਮ ਸਿੰਘ, ਕਾਲ੍ਹਾ ਸਿੰਘ, ਕੀਰਤ ਸਿੰਘ, ਕ੍ਰਿਪਾਲ ਸਿੰਘ, ਖੁਸ਼ਹਾਲ ਸਿੰਘ, ਗੁਲਾਬ ਸਿੰਘ, ਗੰਗਾ ਸਿੰਘ, ਗੰਡਾ ਸਿੰਘ, ਘਰਬਾਰਾ ਸਿੰਘ, ਚੰਬਾ ਸਿੰਘ, ਜਾਦੋ ਸਿੰਘ, ਜੋਗਾ ਸਿੰਘ, ਜੰਗ ਸਿੰਘ, ਦਿਆਲ ਸਿੰਘ, ਦਰਬਾਰਾ ਸਿੰਘ, ਦਿਲਬਾਗ ਸਿੰਘ, ਧਰਮ ਸਿੰਘ, ਧੰਨਾ ਸਿੰਘ, ਨਿਹਾਲ ਸਿੰਘ, ਨਿਧਾਨ ਸਿੰਘ, ਬੂੜ ਸਿੰਘ, ਭਾਗ ਸਿੰਘ, ਭੋਲਾ ਸਿੰਘ, ਭੰਗਾ ਸਿੰਘ, ਮਹਾ ਸਿੰਘ, ਮੱਜਾ ਸਿੰਘ, ਮਾਨ ਸਿੰਘ, ਮੈਯਾ ਸਿੰਘ, ਰਾਇ ਸਿੰਘ ਅਤੇ ਲਛਮਣ ਸਿੰਘ।’