ਕੀ ਸਿੱਖ ਹਿੰਦੂ ਹੀ ਹਨ ?

0
1079

ਕੀ ਸਿੱਖ ਹਿੰਦੂ ਹੀ ਹਨ ?

ਸ. ਕਿਰਪਾਲ ਸਿੰਘ ਬਠਿਡਾ-9855480797

ਜਿਸ ਸਮੇਂ ਤੋਂ ਸਿੱਖ ਧਰਮ ਹੋਂਦ ਵਿੱਚ ਆਇਆ ਹੈ ਉਸੇ ਸਮੇਂ ਤੋਂ ਕੱਟੜਵਾਦੀ ਹਿੰਦੂ ਵਿਦਵਾਨਾਂ ਵੱਲੋਂ ਸਿੱਖ ਧਰਮ ਨੂੰ ਇੱਕ ਵਿਲੱਖਣ ਤੇ ਨਿਆਰਾ ਧਰਮ ਮੰਨਣ ਦੀ ਥਾਂ ਇਸ ਨੂੰ ਹਿੰਦੂ ਧਰਮ ਦਾ ਇੱਕ ਹਿੱਸਾ ਜ਼ਬਰਦਸਤੀ ਗਰਦਾਨੇ ਜਾਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਸਿੱਖ ਧਰਮ ਇਨਸਾਨੀਅਤ ਦੇ ਤੌਰ ’ਤੇ ਹਿੰਦੂ, ਮੁਸਲਮਾਨ, ਈਸਾਈ, ਬੋਧੀ, ਜੈਨੀ, ਜਹੂਦੀ, ਪਾਰਸੀ ਆਦਿਕ ਸਾਰੇ ਹੀ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਸਾਰੀ ਮਨੁੱਖਤਾ ਨੂੰ ਇੱਕ ਅਕਾਲ ਪੁਰਖ ਦੀ ਅੰਸ਼ ਜਾਣ ਕੇ ਆਪਸੀ ਭਾਈਚਾਰਾ ਕਾਇਮ ਰੱਖਣ ਦਾ ਹਾਮੀ ਹੈ: ‘‘ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ॥’’ (611)। ਇੱਕ ਪਿਤਾ ਦੇ ਪੁੱਤਰ ਹੋਣ ਦੇ ਨਾਤੇ ਕਿਸੇ ਨਾਲ ਵੈਰ ਭਾਵਨਾ ਰੱਖਣ ਦੇ ਵਿਰੁੱਧ ਹੈ ਅਤੇ ਸਭ ਨਾਲ ਮਿੱਤਰਤਾ ਕਾਇਮ ਰੱਖਣ ਦਾ ਚਾਹਵਾਨ ਹੈ: ‘‘ਸਭੁ ਕੋ ਮੀਤੁ ਹਮ ਆਪਨ ਕੀਨਾ, ਹਮ ਸਭਨਾ ਕੇ ਸਾਜਨ॥’’ (671) ਅਤੇ ‘‘ਨਾ ਕੋ ਬੈਰੀ ਨਹੀ ਬਿਗਾਨਾ, ਸਗਲ ਸੰਗਿ ਹਮ ਕਉ ਬਨਿ ਆਈ॥’’ (1299)। ਪਰ ਆਪਣੇ ਆਪ ਨੂੰ ਕਦਾਚਿਤ ਵੀ ਹਿੰਦੂ ਜਾਂ ਹੋਰ ਕਿਸੇ ਧਰਮ ਦਾ ਹਿੱਸਾ ਜਾਂ ਪਿਛਲੱਗ ਬਣਨ ਲਈ ਤਿਆਰ ਨਹੀਂ ਹੈ। ਇਸ ਦਾ ਕਾਰਣ ਇਹ ਹੈ ਕਿ ਗੁਰੂ ਨਾਨਕ ਸਾਹਿਬ ਜੀ ਨੇ 10 ਸਾਲ ਦੀ ਉਮਰ ਵਿੱਚ ਹੀ ਹਿੰਦੂ ਧਰਮ ਦੀ ਪਵਿੱਤਰ ਮੰਨੀ ਗਈ ਰਸਮ ਜਨੇਊ ਪਹਿਨਣ ਤੋਂ ਇਨਕਾਰ ਕਰਕੇ ਇਹ ਦੱਸ ਦਿੱਤਾ ਸੀ ਕਿ ਉਹ ਹਿੰਦੂ ਨਹੀਂ ਅਤੇ ਉਸ ਦਾ ਧਰਮ ਕੋਈ ਹੋਰ ਹੈ। ਇਸ ਤੋਂ ਇਲਾਵਾ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਦੇ ਰਚਨਹਾਰੇ 6 ਗੁਰੂਆਂ ਸਮੇਤ ਸਾਰੇ ਹੀ ਭਗਤ ਸਾਹਿਬਾਨ ਨੇ; ਉਸ ਸਮੇਂ ਭਾਰਤ ਵਿੱਚ ਪ੍ਰਚਲਤ ਹਿੰਦੂ, ਇਸਲਾਮ, ਜੋਗ ਅਤੇ ਜੈਨ ਧਰਮ ਦੇ ਮੁੱਢਲੇ ਸਿਧਾਂਤਾਂ ਅਤੇ ਅੰਧਵਿਸ਼ਵਾਸ਼ਾਂ ’ਤੇ ਜ਼ਬਰਦਸਤ ਚੋਟ ਕਰਦੇ ਹੋਏ ਉਨ੍ਹਾਂ ਨੂੰ ਮੰਨਣ ਤੋਂ ਇਨਕਾਰੀ ਹੈ। ਬਾਕੀ ਧਰਮਾਂ ਦੇ ਮੰਨਣ ਵਾਲਿਆਂ ਨੇ ਤਾਂ ਕਦੇ ਦਾਅਵਾ ਨਹੀ ਜਤਾਇਆ ਕਿ ਸਿੱਖ ਧਰਮ ਸਾਡੇ ਹੀ ਧਰਮ ਦੀ ਸ਼ਾਖ ਹੈ ਪਰ ਹਿੰਦੂ ਜਥੇਬੰਦੀਆਂ ਤਾਂ ਗਾਹੇ ਬਗਾਹੇ ਇਹ ਕਹਿਣ ਤੋਂ ਪਿੱਛੇ ਨਹੀਂ ਹਟਦੀਆਂ ਕਿ ਸਿੱਖ; ਹਿੰਦੂ ਧਰਮ ਦਾ ਹੀ ਇੱਕ ਹਿੱਸਾ ਹੈ ਕਿਉਂਕਿ ਸਿੱਖ ਗੁਰੂ ਸਾਹਿਬਾਨ ਹਿੰਦੂਆਂ ਵਿੱਚੋਂ ਪੈਦਾ ਹੋਏ ਸਨ। ਇਸੇ ਤਰ੍ਹਾਂ ਉਹ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੀ ਵੇਦਾਂ ਦਾ ਸਾਰ ਦਸਦੇ ਹਨ। ਇਸ ਲਈ ਇਸ ਲੇਖ ਦਾ ਵਿਸ਼ਾ ਕੇਵਲ ਹਿੰਦੂ ਧਰਮ ਅਤੇ ਸਿੱਖ ਧਰਮ ਦਾ ਤੁਲਨਾਤਮਿਕ ਅਧਿਆਨ ਕਰਨਾ ਹੈ ਇਸ ਲਈ ਆਉ ਵੇਦਾਂ, ਸਾਸ਼ਤ੍ਰਾਂ ਸਿਮਰਤੀਆਂ ਅਤੇ ਪੁਰਾਣਾਂ ਦੀ ਸਿੱਖਿਆ ਅਨੁਸਾਰ ਹਿੰਦੂ ਧਰਮ ਦੇ ਮੁਢਲੇ ਸਿਧਾਂਤਾਂ ਸਬੰਧੀ ਗੁਰਬਾਣੀ ਦੀ ਵੀਚਾਰਧਾਰਾ ਨੂੰ ਮੇਲ ਕੇ ਵੇਖੀਏ ਕਿ ਕੀ ਗੁਰੂ ਗ੍ਰੰਥ ਸਾਹਿਬ ਜੀ ਵੇਦਾਂ ਦਾ ਸਾਰ ਹੈ ਅਤੇ ਕੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਗੁਰੂ ਮੰਨਣ ਵਾਲੇ ਸਿੱਖ; ਹਿੰਦੂ ਹੀ ਹਨ?

(1). ਹਿੰਦੂ ਵੇਦਾਂ, ਸਿਮ੍ਰਤੀਆਂ, ਪੁਰਾਣਾਂ ਆਦਿਕ ਨੂੰ ਆਪਣੇ ਧਰਮ ਦਾ ਆਧਾਰ ਮੰਨਦੇ ਹਨ ਜਦਕਿ ਸਿੱਖ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਧਰਮ ਗ੍ਰੰਥ ਮੰਨਦੇ ਹਨ ਜਿਸ ਵਿੱਚ ਇਨ੍ਹਾਂ ਹਿੰਦੂ ਧਾਰਮਿਕ ਪੁਸਤਕਾਂ ਸਬੰਧੀ ਵੀਚਾਰ ਇਸ ਤਰ੍ਹਾਂ ਦਰਜ ਹਨ: ‘‘ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ, ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ॥’’ (687) ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਭਰ ਭੀ ਸ਼ਾਂਤ ਨਹੀਂ ਹੁੰਦੇ।

‘‘ਬਹੁ ਸਾਸਤ੍ਰ ਬਹੁ ਸਿਮਿ੍ਰਤੀ ਪੇਖੇ ਸਰਬ ਢਢੋਲਿ॥ ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ॥’’ (265) ਬਹੁਤ ਸ਼ਾਸਤ੍ਰ ਤੇ ਬਹੁਤ ਸਿੰਮਿ੍ਰਤੀਆਂ, ਸਾਰੇ (ਅਸਾਂ) ਖੋਜ ਕੇ ਵੇਖੇ ਹਨ; (ਇਹ ਪੁਸਤਕ ਕਈ ਤਰ੍ਹਾਂ ਦੀ ਗਿਆਨ-ਚਰਚਾ ਤੇ ਕਈ ਧਾਰਮਿਕ ਤੇ ਭਾਈਚਾਰਕ ਰਸਮਾਂ ਸਿਖਾਉਂਦੇ ਹਨ) (ਪਰ ਇਹ) ਅਕਾਲ ਪੁਰਖ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ। ਹੇ ਨਾਨਕ! (ਪ੍ਰਭੂ ਦੇ) ਨਾਮ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।

‘‘ਬੇਦ ਕੀ ਪੁਤ੍ਰੀ ਸਿੰਮਿ੍ਰਤਿ ਭਾਈ॥ ਸਾਂਕਲ ਜੇਵਰੀ ਲੈ ਹੈ ਆਈ॥’’ (329) ਹੇ ਵੀਰ! ਇਹ ਸਿੰਮਿ੍ਰਤੀ, ਜੋ ਵੇਦਾਂ ਦੇ ਆਧਾਰ ’ਤੇ ਬਣੀ ਹੈ (ਇਹ ਤਾਂ ਆਪਣੇ ਸ਼ਰਧਾਲੂਆਂ ਵਾਸਤੇ ਵਰਨ ਆਸ਼ਰਮ ਦੇ, ਮਾਨੋ) ਸੰਗਲ ਤੇ (ਕਰਮ-ਕਾਂਡ ਦੀਆਂ) ਰੱਸੀਆਂ ਲੈ ਕੇ ਆਈ ਹੋਈ ਹੈ ।

(2). ਹਿੰਦੂ ਮਤ ਵਿੱਚ ਅਵਤਾਰਾਂ ਨੂੰ ਈਸ਼ਵਰ ਮੰਨ ਕੇ ਉਪਾਸ਼ਨਾ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਅਵਤਾਰਵਾਦ ਨੂੰ ਨਹੀਂ ਮੰਨਦਾ: ‘‘ਮਹਿਮਾ ਨ ਜਾਨਹਿ ਬੇਦ॥ ਬ੍ਰਹਮੇ ਨਹੀ ਜਾਨਹਿ ਭੇਦ॥ ਅਵਤਾਰ ਨ ਜਾਨਹਿ ਅੰਤੁ॥ ਪਰਮੇਸਰੁ ਪਾਰਬ੍ਰਹਮ ਬੇਅੰਤੁ॥’’ (894) (ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ-ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ। ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ। ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ। ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ।

ਸਿੱਖ ਧਰਮ ਦਾ ਉਪਦੇਸ਼ ਤਾਂ ਇਹ ਹੈ ਕਿ ਅਕਾਲ ਪੁਰਖ ਅਜੂਨੀ ਹੈ, ਉਹ ਜਨਮ ਮਰਨ ਤੋਂ ਰਹਿਤ ਹੈ ਇਸ ਲਈ ਉਪਾਸ਼ਨਾ ਕੇਵਲ ਅਕਾਲ ਪੁਰਖ ਦੀ ਹੀ ਹੋ ਸਕਦੀ ਹੈ: ‘‘ਸਗਲ ਪਰਾਧ ਦੇਹਿ ਲੋਰੋਨੀ॥ ਸੋ ਮੁਖੁ ਜਲਉ, ਜਿਤੁ ਕਹਹਿ ਠਾਕੁਰੁ ਜੋਨੀ॥’’ (1136) ਹੇ ਭਾਈ! ਤੂੰ (ਕਿ੍ਰਸ਼ਨ-ਮੂਰਤੀ ਨੂੰ) ਲੋਰੀ ਦੇਂਦਾ ਹੈਂ (ਆਪਣੇ ਵਲੋਂ ਤੂੰ ਪਰਮਾਤਮਾ ਨੂੰ ਲੋਰੀ ਦੇਂਦਾ ਹੈਂ, ਤੇਰਾ ਇਹ ਕੰਮ) ਸਾਰੇ ਅਪਰਾਧਾਂ (ਦਾ ਮੂਲ ਹੈ)। ਸੜ ਜਾਏ (ਤੇਰਾ) ਉਹ ਮੂੰਹ, ਜਿਸ ਦੀ ਰਾਹੀਂ ਤੂੰ ਆਖਦਾ ਹੈਂ ਕਿ ਮਾਲਕ-ਪ੍ਰਭੂ ਜੂਨਾਂ ਵਿਚ ਆਉਂਦਾ ਹੈ।

(3). ਹਿੰਦੂ ਧਰਮ ਵਿੱਚ ਦੇਵੀ ਦੇਵਤਿਆਂ ਨੂੰ ਵਰ ਦੇਣ ਵਾਲੇ ਮੰਨ ਕੇ ਉਨ੍ਹਾਂ ਦੀ ਉਪਾਸ਼ਨਾ ਕੀਤੀ ਜਾਂਦੀ ਹੈ ਅਤੇ ਦੇਵੀ ਦੇਵਤਿਆਂ ਦੇ ਇੰਨੇ ਭੇਦ ਕਲਪੇ ਗਏ ਹਨ ਕਿ ਕੋਈ ਵਿਦਵਾਨ ਹਿੰਦੂ ਵੀ ਪੂਰੀ-2 ਗਿਣਤੀ ਕਰਕੇ ਨਹੀਂ ਦੱਸ ਸਕਦਾ ਕਿ ਕਿੰਨੇ ਦੇਵੀ-ਦੇਵਤੇ ਹਨ; ਪ੍ਰੰਤੂ ਸਿੱਖ ਧਰਮ ਵਿੱਚ ਦੇਵੀ ਦੇਵਤਿਆਂ ਦੀ ਪੂਜਾ ਦਾ ਖੰਡਨ ਕੀਤਾ ਗਿਆ ਹੈ: ‘‘ਦੇਵੀ ਦੇਵਾ ਪੂਜੀਐ ਭਾਈ! ਕਿਆ ਮਾਗਉ ਕਿਆ ਦੇਹਿ॥ ਪਾਹਣੁ ਨੀਰਿ ਪਖਾਲੀਐ ਭਾਈ! ਜਲ ਮਹਿ ਬੂਡਹਿ ਤੇਹਿ॥’ (637) ਹੇ ਭਾਈ! ਜੇ ਦੇਵੀ ਦੇਵਤਿਆਂ ਦੀਆਂ ਪੱਥਰ ਆਦਿਕ ਦੀਆਂ ਮੂਰਤੀਆਂ ਦੀ ਪੂਜਾ ਕਰੀਏ, ਤਾਂ ਇਹ ਕੁਝ ਭੀ ਨਹੀਂ ਦੇ ਸਕਦੇ, ਮੈਂ ਇਹਨਾਂ ਪਾਸੋਂ ਕੁਝ ਭੀ ਨਹੀਂ ਮੰਗਦਾ। ਪੱਥਰ ਨੂੰ ਪਾਣੀ ਨਾਲ ਧੋਂਦੇ ਰਹੀਏ, ਤਾਂ ਭੀ ਉਹ (ਪੱਥਰ ਦੇ ਬਣਾਏ ਹੋਏ ਦੇਵੀ ਦੇਵਤੇ) ਪਾਣੀ ਵਿਚ ਡੁੱਬ ਜਾਂਦੇ ਹਨ (ਆਪਣੇ ਪੁਜਾਰੀਆਂ ਨੂੰ ਉਹ ਕਿਵੇਂ ਸੰਸਾਰ-ਸਮੁੰਦਰ ਤੋਂ ਤਾਰ ਸਕਦੇ ਹਨ ?

‘‘ਦੇਵੀ ਦੇਵਾ ਮੂਲੁ ਹੈ ਮਾਇਆ॥ ਸਿੰਮਿ੍ਰਤਿ ਸਾਸਤ ਜਿੰਨਿ ਉਪਾਇਆ॥ ਕਾਮੁ ਕ੍ਰੋਧੁ ਪਸਰਿਆ ਸੰਸਾਰੇ, ਆਇ ਜਾਇ ਦੁਖੁ ਪਾਵਣਿਆ॥’’ (129) ਇਹ ਮਾਇਆ ਹੀ (ਭਾਵ ਸੁਖਾਂ ਦੀ ਕਾਮਨਾ ਤੇ ਦੁਖਾਂ ਤੋਂ ਡਰ) ਦੇਵੀਆਂ ਦੇਵਤੇ ਰਚੇ ਜਾਣ ਦਾ ਕਾਰਨ ਹੈ, ਇਸ ਮਾਇਆ ਨੇ ਹੀ ਸਿਮਿ੍ਰਤੀਆਂ ਤੇ ਸ਼ਾਸਤ੍ਰ ਪੈਦਾ ਕਰ ਦਿੱਤੇ (ਭਾਵ, ਸੁਖਾਂ ਦੀ ਪ੍ਰਾਪਤੀ ਤੇ ਦੁੱਖਾਂ ਦੀ ਨਿਵਿਰਤੀ ਦੀ ਖ਼ਾਤਰ ਹੀ ਸਿਮਿ੍ਰਤੀਆਂ ਸ਼ਾਸਤ੍ਰਾਂ ਦੀ ਰਾਹੀਂ ਕਰਮ ਕਾਂਡ ਰਚੇ ਗਏ)। ਸਾਰੇ ਸੰਸਾਰ ਵਿਚ ਸੁਖਾਂ ਦੀ ਲਾਲਸਾ ਤੇ ਦੁਖਾਂ ਤੋਂ ਡਰ ਦਾ ਜਜ਼ਬਾ ਪਸਰ ਰਿਹਾ ਹੈ, ਜਿਸ ਕਰ ਕੇ ਜੀਵ ਜਨਮ ਮਰਨ ਦੇ ਗੇੜ ਵਿਚ ਪੈ ਕੇ ਦੁਖ ਪਾ ਰਹੇ ਹਨ।

ਭਗਤ ਨਾਮ ਦੇਵ ਜੀ ਤਾਂ ਭਵਾਨੀ ਦੇਵੀ ’ਤੇ ਵਿਅੰਗ ਕਸਦੇ ਹੋਏ ਪੁੱਛਦੇ ਹਨ: ਹੇ ਭਵਾਨੀ! ਤੂੰ ਸਭ ਦਾ ਮੁੱਢ ਅਖਵਾਉਂਦੀ ਹੈਂ, ਪਰ (ਆਪਣੇ ਭਗਤਾਂ ਨੂੰ) ਮੁਕਤੀ ਦੇਣ ਵੇਲੇ ਤੂੰ ਭੀ ਪਤਾ ਨਹੀਂ, ਕਿੱਥੇ ਲੁਕੀ ਰਹਿੰਦੀ ਹੈਂ (ਭਾਵ, ਮੁਕਤੀ ਭਵਾਨੀ ਪਾਸ ਭੀ ਨਹੀਂ ਹੈ) ‘‘ਤੂ ਕਹੀਅਤ ਹੀ ਆਦਿ ਭਵਾਨੀ॥ ਮੁਕਤਿ ਕੀ ਬਰੀਆ, ਕਹਾ ਛਪਾਨੀ॥’’ (ਪੰਨਾ 874)

(4). ਹਿੰਦੂ ਮਤ ਵਿੱਚ ਮੂਰਤੀ ਪੂਜਾ ਦਾ ਵਿਧਾਨ ਹੈ ਪਰ ਸਿੱਖ ਧਰਮ ਨੇ ਮੂਰਤੀ ਪੂਜਾ ਨੂੰ ਫੋਕਟ ਕਰਮ ਦੱਸਿਆ। ਇਸ ਪ੍ਰਥਾਇ ਗੁਰਬਾਣੀ ਦਾ ਫੈਸਲਾ ਹੈ: ‘‘ਜੋ ਪਾਥਰ ਕਉ ਕਹਤੇ ਦੇਵ॥ ਤਾ ਕੀ ਬਿਰਥਾ ਹੋਵੈ ਸੇਵ॥ ਜੋ ਪਾਥਰ ਕੀ ਪਾਂਈ ਪਾਇ॥ ਤਿਸ ਕੀ ਘਾਲ ਅਜਾਂਈ ਜਾਇ॥’’ ਜੋ ਮਨੁੱਖ ਪੱਥਰ (ਦੀ ਮੂਰਤੀ) ਨੂੰ ਰੱਬ ਆਖਦੇ ਹਨ, ਉਹਨਾਂ ਦੀ ਕੀਤੀ ਸੇਵਾ ਵਿਅਰਥ ਜਾਂਦੀ ਹੈ। ਜੋ ਮਨੁੱਖ ਪੱਥਰ (ਦੀ ਮੂਰਤੀ) ਦੇ ਪੈਰੀਂ ਪੈਂਦੇ ਹਨ, ਉਹਨਾਂ ਦੀ ਮਿਹਨਤ ਅਜਾਈਂ ਚਲੀ ਜਾਂਦੀ ਹੈ। ‘‘ਠਾਕੁਰੁ ਹਮਰਾ ਸਦ ਬੋਲੰਤਾ॥ ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ॥ ਰਹਾਉ॥’’ ਭਾਵ ਸਾਡਾ ਠਾਕੁਰ ਸਦਾ ਬੋਲਦਾ ਹੈ, ਉਹ ਪ੍ਰਭੂ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ‘‘ਅੰਤਰਿ ਦੇਉ ਨ ਜਾਨੈ ਅੰਧੁ॥ ਭ੍ਰਮ ਕਾ ਮੋਹਿਆ ਪਾਵੈ ਫੰਧੁ॥ ਨ ਪਾਥਰੁ ਬੋਲੈ ਨਾ ਕਿਛੁ ਦੇਇ॥ ਫੋਕਟ ਕਰਮ ਨਿਹਫਲ ਹੈ ਸੇਵ॥ 2॥’’ (1160) ਭਾਵ ਅੰਨ੍ਹਾ ਮੂਰਖ ਆਪਣੇ ਅੰਦਰ-ਵੱਸਦੇ ਰੱਬ ਨੂੰ ਨਹੀਂ ਪਛਾਣਦਾ, ਭਰਮ ਦਾ ਮਾਰਿਆ ਹੋਇਆ ਹੋਰ ਹੋਰ ਜਾਲ ਵਿਛਾਉਂਦਾ ਹੈ। ਇਹ ਪੱਥਰ ਨਾਹ ਬੋਲਦਾ ਹੈ, ਨਾਹ ਕੁਝ ਦੇ ਸਕਦਾ ਹੈ, (ਇਸ ਨੂੰ ਇਸ਼ਨਾਨ ਕਰਾਣ ’ਤੇ ਭੋਗ ਆਦਿਕ ਲਵਾਣ ਦੇ) ਸਾਰੇ ਕੰਮ ਵਿਅਰਥ ਹਨ, (ਇਸ ਦੀ ਸੇਵਾ ਵਿਚੋਂ ਕੋਈ ਫਲ ਨਹੀਂ ਮਿਲਦਾ।

‘‘ਏਕੈ ਪਾਥਰ ਕੀਜੈ ਭਾਉ॥ ਦੂਜੈ ਪਾਥਰ ਧਰੀਐ ਪਾਉ॥ ਜੇ ਓਹੁ ਦੇਉ ਤ ਓਹੁ ਭੀ ਦੇਵਾ॥ ਕਹਿ ਨਾਮਦੇਉ ਹਮ ਹਰਿ ਕੀ ਸੇਵਾ॥’’ (525) (ਕਿਆ ਅਜਬ ਗੱਲ ਹੈ ਕਿ) ਇਕ ਪੱਥਰ (ਨੂੰ ਦੇਵਤਾ ਬਣਾ ਕੇ ਉਸ) ਨਾਲ ਪਿਆਰ ਕੀਤਾ ਜਾਂਦਾ ਹੈ ਤੇ ਦੂਜੇ ਪੱਥਰਾਂ ਉੱਤੇ ਪੈਰ ਧਰਿਆ ਜਾਂਦਾ ਹੈ। ਜੇ ਉਹ ਪੱਥਰ (ਜਿਸ ਦੀ ਪੂਜਾ ਕੀਤੀ ਜਾਂਦੀ ਹੈ) ਦੇਵਤਾ ਹੈ ਤਾਂ ਦੂਜਾ ਪੱਥਰ ਭੀ ਦੇਵਤਾ ਹੈ (ਉਸ ਨੂੰ ਕਿਉਂ ਪੈਰਾਂ ਹੇਠ ਲਤਾੜੀਦਾ ਹੈ? ਪਰ) ਨਾਮਦੇਉ ਆਖਦਾ ਹੈ (ਅਸੀਂ ਕਿਸੇ ਪੱਥਰ ਨੂੰ ਦੇਵਤਾ ਥਾਪ ਕੇ ਉਸ ਦੀ ਪੂਜਾ ਕਰਨ ਨੂੰ ਤਿਆਰ ਨਹੀਂ), ਅਸੀਂ ਤਾਂ ਪਰਮਾਤਮਾ ਦੀ ਬੰਦਗੀ ਕਰਦੇ ਹਾਂ।

(6). ਹਿੰਦੂ ਮਤ ਵਿੱਚ ਗਾਯਤਰੀ ਆਦਿਕ ਦੇਵਤਿਆਂ ਦੀ ਮਹਿਮਾ ਅਤੇ ਉਸਤਤਿ ਦੇ ਮੰਤਰ ਪੜ੍ਹ ਕੇ ਸੰਧਿਆ ਕੀਤੀ ਜਾਂਦੀ ਹੈ ਅਤੇ ਤਰਪਨ ਕਰਕੇ ਦੇਵਤਾ, ਪਿੱਤਰ ਆਦਿਕਾਂ ਨੂੰ ਪਾਣੀ ਦਿੱਤਾ ਜਾਂਦਾ ਹੈ ਪਰ ਸਿੱਖ ਧਰਮ ਵਿੱਚ ਐਸੀ ਸੰਧਿਆ ਵਰਜਿਤ ਹੈ: ‘‘ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ, ਹਰਿ ਰਸ ਸਾਦੁ ਨ ਆਇਆ॥ ਸੰਧਿਆ ਤਰਪਣੁ ਕਰਹਿ ਗਾਇਤ੍ਰੀ, ਬਿਨੁ ਬੂਝੇ ਦੁਖੁ ਪਾਇਆ॥’’ (603) ਹੇ ਭਾਈ! ਗੁਰੂ ਤੋਂ ਖੁੰਝੇ ਹੋਏ ਮਨੁੱਖ ਮਾਇਆ ਦੇ ਤਿੰਨਾਂ ਗੁਣਾਂ ਦੇ ਪ੍ਰਭਾਵ ਵਿਚ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਉਹਨਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਉਂਦਾ। ਤਿੰਨੇ ਵੇਲੇ ਸੰਧਿਆ-ਪਾਠ ਕਰਦੇ ਹਨ, ਪਿਤਰਾਂ ਦੇਵਤਿਆਂ ਨੂੰ ਜਲ ਅਰਪਣ ਕਰਦੇ ਹਨ, ਗਾਇਤ੍ਰੀ-ਮੰਤ੍ਰ ਦਾ ਪਾਠ ਕਰਦੇ ਹਨ, ਪਰ ਆਤਮਕ ਜੀਵਨ ਦੀ ਸੂਝ ਤੋਂ ਬਿਨਾ ਉਹਨਾਂ ਨੂੰ ਦੁੱਖ ਹੀ ਮਿਲਦਾ ਹੈ।

ਭਗਤ ਨਾਮਦੇਵ ਜੀ ਤਾਂ ਗਾਇਤ੍ਰੀ ਦਾ ਪਾਠ ਕਰਨ ਵਾਲੇ ਪਾਂਡੇ ਨੂੰ ਵੰਗਾਰ ਕੇ ਆਖ ਰਹੇ ਹਨ: ‘‘ਪਾਂਡੇ! ਤੁਮਰੀ ਗਾਇਤ੍ਰੀ, ਲੋਧੇ ਕਾ ਖੇਤੁ ਖਾਤੀ ਥੀ॥ ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ॥’’ (874) ਹੇ ਪਾਂਡੇ! (ਪਹਿਲਾਂ ਤਾਂ ਜਿਸ ਗਾਇਤ੍ਰੀ ਦਾ ਤੂੰ ਪਾਠ ਕਰਦਾ ਹੈਂ ਉਸ ਉੱਤੇ ਤੇਰੀ ਸ਼ਰਧਾ ਨਹੀਂ ਬਣ ਸਕਦੀ, ਕਿਉਂਕਿ) ਤੇਰੀ ਗਾਇਤ੍ਰੀ (ਉਹ ਹੈ ਜਿਸ ਬਾਰੇ ਤੂੰ ਆਪ ਹੀ ਆਖਦਾ ਹੈਂ ਕਿ ਇਕ ਵਾਰੀ ਸ੍ਰਾਪ ਦੇ ਕਾਰਨ ਗਊ ਦੀ ਜੂਨ ਵਿਚ ਆ ਕੇ ਇਹ) ਇਕ ਲੋਧੇ ਜੱਟ ਦੀ ਪੈਲੀ ਖਾਣ ਜਾ ਪਈ, ਉਸ ਨੇ ਸੋਟਾ ਲੈ ਕੇ ਲੱਤ ਤੋੜ ਦਿੱਤੀ ਤਾਂ (ਵਿਚਾਰੀ) ਲੰਙਾ ਲੰਙਾ ਕੇ ਤੁਰਨ ਲੱਗੀ ॥

(7). ਹਿੰਦੂ ਮਤ ਅਨੁਸਾਰ ਸੂਤਕ ਦਾ ਭਾਵ ਹੈ ਪ੍ਰਸੂਤ (ਜਨਮ) ਸਮੇਂ ਦੀ ਅਪਵਿੱਤਰਤਾ ਜਾਂ ਅਸ਼ੁਧੀ। ਇਸੇ ਤਰ੍ਹਾਂ ਮਰਨ ਸਮੇਂ ਦੀ ਪਾਤਕ ਹੈ। ਪਰ ਸਤਿਗੁਰਾਂ ਨੇ ਇਸ ਭਰਮ ਰੂਪੀ ਭੂਤ ਤੋਂ ਸਿੱਖਾਂ ਨੂੰ ਬਚਾ ਲਿਆ ਹੈ। ਸਿੱਖ ਧਰਮ ਅਨੁਸਾਰ: ‘‘ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ॥ ਸੂਤਕੁ ਕਿਉ ਕਰਿ ਰਖੀਐ, ਸੂਤਕੁ ਪਵੈ ਰਸੋਇ॥ ਨਾਨਕ! ਸੂਤਕੁ ਏਵ ਨ ਉਤਰੈ, ਗਿਆਨੁ ਉਤਾਰੇ ਧੋਇ॥’’ ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ; ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ); ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ (ਜਾਨ) ਤੋਂ ਬਿਨਾ ਨਹੀਂ ਹੈ। ਪਾਣੀ ਆਪ ਭੀ ਜੀਵ ਹੈ ਕਿਉਂਕਿ ਇਸ ਨਾਲ ਹਰੇਕ ਜੀਵ ਹਰਾ (ਜਿੰਦ ਵਾਲਾ) ਹੁੰਦਾ ਹੈ। ਸੂਤਕ ਕਿਵੇਂ ਰੱਖਿਆ ਜਾ ਸਕਦਾ ਹੈ? (ਭਾਵ ਸੂਤਕ ਦਾ ਭਰਮ ਪੂਰੇ ਤੌਰ ’ਤੇ ਮੰਨਣਾ ਬੜਾ ਹੀ ਕਠਨ ਹੈ ਕਿਉਂਕਿ ਇਸ ਤਰ੍ਹਾਂ ਤਾਂ ਹਰ ਵੇਲੇ ਹੀ) ਰਸੋਈ ਵਿਚ ਸੂਤਕ ਪਿਆ ਰਹਿੰਦਾ ਹੈ। ਹੇ ਨਾਨਕ! ਇਸ ਤਰ੍ਹਾਂ (ਭਾਵ ਭਰਮਾਂ ਵਿਚ ਪਿਆਂ) ਸੂਤਕ (ਮਨ ਤੋਂ) ਨਹੀਂ ਉਤਰਦਾ, ਇਸ ਨੂੰ (ਪ੍ਰਭੂ ਦਾ) ਗਿਆਨ ਹੀ ਧੋ ਕੇ ਲਾਹ ਸਕਦਾ ਹੈ।

(8). ਹਿੰਦੂ ਧਰਮ ਅਨੁਸਾਰ ਏਕਾਦਸੀ, ਜਨਮ ਅਸ਼ਟਮੀ, ਕਰਵਾ ਚੌਥ, ਅਹੋਈ, ਨੌਰਾਤੇ ਆਦਿਕ ਅਨੇਕਾਂ ਬਰਤ ਰੱਖਣ ਦਾ ਵਿਧਾਨ ਹੈ ਪਰ ਸਿੱਖ ਧਰਮ ਵਿੱਚ ਇਨ੍ਹਾਂ ਕਰਮਾਂ ਨੂੰ ਵਰਜਿਆ ਗਿਆ ਹੈ: ‘‘ਅੰਨੁ ਨ ਖਾਹਿ ਦੇਹੀ ਦੁਖੁ ਦੀਜੈ॥ ਬਿਨੁ ਗੁਰ ਗਿਆਨ ਤਿ੍ਰਪਤਿ ਨਹੀ ਥੀਜੈ॥ ਮਨਮੁਖਿ ਜਨਮੈ ਜਨਮਿ ਮਰੀਜੈ॥’’ (905) ਜੇਹੜੇ ਬੰਦੇ ਅੰਨ ਨਹੀਂ ਖਾਂਦੇ (ਇਸ ਤਰ੍ਹਾਂ ਉਹ ਕੋਈ ਆਤਮਕ ਲਾਭ ਤਾਂ ਨਹੀਂ ਖੱਟਦੇ) ਸਰੀਰ ਨੂੰ ਹੀ ਕਸ਼ਟ ਮਿਲਦਾ ਹੈ, ਗੁਰੂ ਤੋਂ ਮਿਲੇ ਗਿਆਨ ਤੋਂ ਬਿਨਾ (ਮਾਇਆ ਵਲੋਂ ਵਿਕਾਰਾਂ ਦੀ) ਤਿ੍ਰਪਤੀ ਨਹੀਂ ਹੋ ਸਕਦੀ। ਸੋ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਵਾਰ-2 ਜੰਮਦਾ ਮਰਦਾ ਹੈ (ਉਸ ਦਾ ਇਹ ਗੇੜ ਤੁਰਿਆ ਰਹਿੰਦਾ ਹੈ)।

‘‘ਛੋਡਹਿ ਅੰਨੁ, ਕਰਹਿ ਪਾਖੰਡ॥ ਨਾ ਸੋਹਾਗਨਿ, ਨਾ ਓਹਿ ਰੰਡ॥ ਜਗ ਮਹਿ ਬਕਤੇ ਦੂਧਾਧਾਰੀ॥ ਗੁਪਤੀ ਖਾਵਹਿ ਵਟਿਕਾ ਸਾਰੀ॥’’ (873) ਜੋ ਲੋਕ ਅੰਨ ਛੱਡ ਦੇਂਦੇ ਹਨ ਤੇ (ਇਹ) ਪਾਖੰਡ ਕਰਦੇ ਹਨ, ਉਹ (ਉਹਨਾਂ ਕੁਚੱਜੀਆਂ ਜ਼ਨਾਨੀਆਂ ਵਾਂਗ ਹਨ ਜੋ) ਨਾਹ ਸੋਹਾਗਣਾਂ ਹਨ ਨਾਹ ਰੰਡੀਆਂ। (ਅੰਨ ਛੱਡਣ ਵਾਲੇ ਸਾਧੂ,) ਲੋਕਾਂ ਵਿਚ ਆਖਦੇ ਫਿਰਦੇ ਹਨ, ਅਸੀਂ ਨਿਰਾ ਦੁੱਧ ਪੀ ਕੇ ਹੀ ਨਿਰਬਾਹ ਕਰਦੇ ਹਾਂ, ਪਰ ਚੋਰੀ ਚੋਰੀ ਸਾਰੀ ਦੀ ਸਾਰੀ ਪਿੰਨੀ ਖਾਂਦੇ ਹਨ।

‘‘ਕਬੀਰ! ਹਰਿ ਕਾ ਸਿਮਰਨੁ ਛਾਡਿ ਕੈ, ਅਹੋਈ ਰਾਖੈ ਨਾਰਿ॥ ਗਦਹੀ ਹੋਇ ਕੈ ਅਉਤਰੈ, ਭਾਰੁ ਸਹੈ ਮਨ ਚਾਰਿ॥’’ (1370) ਹੇ ਕਬੀਰ! (ਮੂਰਖ) ਇਸਤ੍ਰੀ ਸੀਤਲਾ ਦਾ ਵਰਤ ਰੱਖਦੀ ਫਿਰਦੀ ਹੈ। (ਤੇ, ਜੇ ਭਲਾ ਸੀਤਲਾ ਉਸ ਨਾਲ ਬੜਾ ਹੀ ਪਿਆਰ ਕਰੇਗੀ ਤਾਂ ਉਸ ਨੂੰ ਹਰ ਵੇਲੇ ਆਪਣੇ ਪਾਸ ਰੱਖਣ ਲਈ ਆਪਣੀ ਸਵਾਰੀ ਖੋਤੀ ਬਣਾ ਲਏਗੀ) ਸੋ, ਉਹ ਮੂਰਖ ਇਸਤ੍ਰੀ ਖੋਤੀ ਦੀ ਜੂਨੇ ਪੈਂਦੀ ਹੈ ਤੇ (ਹੋਰ ਖੋਤੇ-ਖੋਤੀਆਂ ਵਾਂਗ ਛੱਟਾ ਆਦਿਕ ਦਾ) ਚਾਰ ਮਣ ਭਾਰ ਢੋਂਦੀ ਹੈ।

(10). ਹਿੰਦੂ ਮਤ ਅਨੁਸਾਰ ਮਹੂਰਤ, ਥਿਤਾਂ, ਵਾਰਾਂ, ਸ਼ਗਨ, ਅਪਸ਼ਗਨ ਆਦਿ ਨੂੰ ਬੜੀ ਮਹਾਨਤਾ ਦਿੱਤੀ ਜਾਂਦੀ। ਇਨ੍ਹਾਂ ਦਾ ਕਈ ਪ੍ਰਕਾਰ ਦਾ ਚੰਗਾ ਮੰਦਾ ਫਲ ਮੰਨਿਆ ਜਾਂਦਾ ਹੈ, ਪਰ ਸਿੱਖ ਧਰਮ ਵਿੱਚ ਇਨ੍ਹਾਂ ਭਰਮਾਂ ਦਾ ਪੂਰਨ ਤੌਰ ’ਤੇ ਤਿਆਗ ਕੀਤਾ ਗਿਆ ਹੈ: ‘‘ਸਗੁਨ ਅਪਸਗੁਨ ਤਿਸ ਕਉ ਲਗਹਿ, ਜਿਸੁ ਚੀਤਿ ਨ ਆਵੈ॥ ਤਿਸੁ ਜਮੁ ਨੇੜਿ ਨ ਆਵਈ, ਜੋ ਹਰਿ ਪ੍ਰਭਿ ਭਾਵੈ॥’’ (401) (ਹੇ ਭਾਈ! ਮੇਰੇ ਅੰਦਰ ਚੰਗੇ ਮੰਦੇ ਸਗਨਾਂ ਦਾ ਸਹਮ ਭੀ ਨਹੀਂ ਰਹਿ ਗਿਆ) ਚੰਗੇ ਮੰਦੇ ਸਗਨਾਂ ਦੇ ਸਹਮ ਉਸ ਮਨੁੱਖ ਨੂੰ ਚੰਬੜਦੇ ਹਨ ਜਿਸ ਦੇ ਚਿੱਤ ਵਿਚ ਪਰਮਾਤਮਾ ਨਹੀਂ ਵੱਸਦਾ, ਪਰ ਜੇਹੜਾ ਮਨੁੱਖ ਪ੍ਰਭੂ (ਦੀ ਯਾਦ) ਵਿਚ (ਜੁੜ ਕੇ) ਹਰਿ-ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।

‘‘ਆਪੇ ਪੂਰਾ ਕਰੇ ਸੁ ਹੋਇ॥ ਏਹਿ ਥਿਤੀ ਵਾਰ ਦੂਜਾ ਦੋਇ॥ ਸਤਿਗੁਰ ਬਾਝਹੁ ਅੰਧੁ ਗੁਬਾਰੁ॥ ਥਿਤੀ ਵਾਰ ਸੇਵਹਿ ਮੁਗਧ ਗਵਾਰ॥’’ (843) ਹੇ ਭਾਈ! ਪੂਰਨ ਪ੍ਰਭੂ ਆਪ ਹੀ (ਜੋ ਕੁਝ) ਕਰਦਾ ਹੈ ਉਹ ਹੁੰਦਾ ਹੈ (ਖ਼ਾਸ ਖ਼ਾਸ ਥਿੱਤਾਂ ਨੂੰ ਚੰਗੀਆਂ ਜਾਣ ਕੇ ਭਟਕਦੇ ਨਾਹ ਫਿਰੋ, ਸਗੋਂ) ਇਹ ਥਿੱਤਾਂ ਇਹ ਵਾਰ ਮਨਾਣੇ ਤਾਂ ਮਾਇਆ ਦਾ ਮੋਹ ਪੈਦਾ ਕਰਨ ਦਾ ਕਾਰਨ ਬਣਦੇ ਹਨ, ਮੇਰ-ਤੇਰ ਪੈਦਾ ਕਰਦੇ ਹਨ। ਗੁਰੂ ਦੀ ਸਰਨ ਆਉਣ ਤੋਂ ਬਿਨਾ ਮਨੁੱਖ (ਆਤਮਕ ਜੀਵਨ ਵਲੋਂ) ਪੂਰੇ ਤੌਰ ’ਤੇ ਅੰਨ੍ਹਾ ਹੋਇਆ ਰਹਿੰਦਾ ਹੈ, (ਗੁਰੂ ਦਾ ਆਸਰਾ-ਪਰਨਾ ਛੱਡ ਕੇ) ਮੂਰਖ ਮਨੁੱਖ ਹੀ ਥਿੱਤਾਂ ਤੇ ਵਾਰ ਮਨਾਂਦੇ ਫਿਰਦੇ ਹਨ।

(11). ਹਿੰਦੂ ਮਤ ਵਿੱਚ ਪ੍ਰੇਤ ਕਿ੍ਰਯਾ ਦੁਆਰਾ ਗਯਾ ਆਦਿਕ ਤੀਰਥਾਂ ’ਤੇ ਪਿੰਡ ਭਰਾਉਣ ਕਰਕੇ ਮਿ੍ਰਤਕ ਜੀਵ ਦੀ ਗਤੀ ਹੋਣੀ ਮੰਨੀ ਜਾਂਦੀ ਹੈ। ਪਿੱਤਰਾਂ ਨੂੰ ਤਿ੍ਰਪਤ ਕਰਨ ਲਈ ਸ੍ਰਾਧ ਕਰਾਉਣ ਦਾ ਵਿਧਾਨ ਹੈ ਪਰ ਗੁਰਮਤਿ ਵਿੱਚ ਉਪਰ ਲਿਖੇ ਭਰਮਾਂ ਵਿਰੁੱਧ ਇਹ ਉਪਦੇਸ਼ ਹੈ: ‘‘ਆਇਆ ਗਇਆ ਮੁਇਆ ਨਾਉ॥ ਪਿਛੈ ਪਤਲਿ ਸਦਿਹੁ ਕਾਵ॥ ਨਾਨਕ! ਮਨਮੁਖਿ ਅੰਧੁ ਪਿਆਰੁ॥ ਬਾਝੁ ਗੁਰੂ, ਡੁਬਾ ਸੰਸਾਰੁ॥’’ (138) ਜੀਵ ਜਗਤ ਵਿਚ ਆਇਆ ਤੇ ਤੁਰ ਗਿਆ, (ਜਗਤ ਵਿਚ ਉਸ ਦਾ) ਨਾਮ ਭੀ ਭੁੱਲ ਗਿਆ, (ਉਸ ਦੇ ਮਰਨ) ਪਿਛੋਂ ਪੱਤਰਾਂ ਉੱਤੇ (ਪਿੰਡ ਭਰਾ ਕੇ) ਕਾਂਵਾਂ ਨੂੰ ਹੀ ਸੱਦੀਦਾ ਹੈ (ਉਸ ਜੀਵ ਨੂੰ ਕੁਝ ਨਹੀਂ ਅੱਪੜਦਾ)। ਹੇ ਨਾਨਕ! ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ (ਜਗਤ ਨਾਲ) ਪਿਆਰ ਅੰਨ੍ਹਿਆਂ ਵਾਲਾ ਪਿਆਰ ਹੈ, ਗੁਰੂ (ਦੀ ਸਰਣ ਆਉਣ) ਤੋਂ ਬਿਨਾ ਜਗਤ (ਇਸ ‘ਅੰਧ ਪਿਆਰ’ ਵਿਚ) ਡੁੱਬ ਰਿਹਾ ਹੈ।

‘‘ਜੇ ਮੋਹਾਕਾ ਘਰੁ ਮੁਹੈ, ਘਰੁ ਮੁਹਿ ਪਿਤਰੀ ਦੇਇ॥ ਅਗੈ ਵਸਤੁ ਸਿਞਾਣੀਐ, ਪਿਤਰੀ ਚੋਰ ਕਰੇਇ॥ ਵਢੀਅਹਿ ਹਥ ਦਲਾਲ ਕੇ, ਮੁਸਫੀ ਏਹ ਕਰੇਇ॥ ਨਾਨਕ! ਅਗੈ ਸੋ ਮਿਲੈ, ਜਿ ਖਟੇ ਘਾਲੇ ਦੇਇ॥’’ (472) ਜੇ ਕੋਈ ਠੱਗ ਪਰਾਇਆ ਘਰ ਠੱਗੇ, ਪਰਾਏ ਘਰ ਨੂੰ ਠੱਗ ਕੇ (ਉਹ ਪਦਾਰਥ) ਆਪਣੇ ਪਿਤਰਾਂ ਦੇ ਨਮਿਤ ਦੇਵੇ, ਤਾਂ (ਜੇ ਸੱਚ-ਮੁੱਚ ਪਿਛਲਿਆਂ ਦਾ ਦਿੱਤਾ ਅੱਪੜਦਾ ਹੀ ਹੈ ਤਾਂ) ਪ੍ਰਲੋਕ ਵਿਚ ਉਹ ਪਦਾਰਥ ਸਿਞਾਣਿਆ ਜਾਂਦਾ ਹੈ। ਇਸ ਤਰ੍ਹਾਂ ਉਹ ਮਨੁੱਖ ਆਪਣੇ ਪਿਤਰਾਂ ਨੂੰ (ਭੀ) ਚੋਰ ਬਣਾਂਦਾ ਹੈ (ਕਿਉਂਕਿ ਉਹਨਾਂ ਪਾਸੋਂ ਚੋਰੀ ਦਾ ਮਾਲ ਨਿਕਲ ਆਉਂਦਾ ਹੈ)। (ਅਗੋਂ) ਪ੍ਰਭੂ ਇਹ ਨਿਆਂ ਕਰਦਾ ਹੈ ਕਿ (ਇਹ ਚੋਰੀ ਦਾ ਮਾਲ ਅਪੜਾਣ ਵਾਲੇ ਬ੍ਰਾਹਮਣ) ਦਲਾਲ ਦੇ ਹੱਥ ਵੱਢੇ ਜਾਂਦੇ ਹਨ। ਹੇ ਨਾਨਕ! (ਕਿਸੇ ਦਾ ਅਪੜਾਇਆ ਹੋਇਆ ਅੱਗੇ ਕੀਹ ਮਿਲਣਾ ਹੈ?) ਅਗਾਂਹ ਤਾਂ ਮਨੁੱਖ ਨੂੰ ਉਹੀ ਕੁਝ ਮਿਲਦਾ ਹੈ ਜੋ ਖੱਟਦਾ ਹੈ, ਕਮਾਂਦਾ ਹੈ ਤੇ (ਹੱਥੀਂ) ਦੇਂਦਾ ਹੈ।

‘‘ਜੀਵਤ ਪਿਤਰ ਨ ਮਾਨੈ ਕੋਊ, ਮੂਏਂ ਸਿਰਾਧ ਕਰਾਹੀ॥ ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ, ਕਊਆ ਕੂਕਰ ਖਾਹੀ॥’’ (332) ਲੋਕ ਜੀਊਂਦੇ ਮਾਪਿਆਂ ਦਾ ਤਾਂ ਆਦਰ ਮਾਣ ਨਹੀਂ ਕਰਦੇ, ਪਰ ਮਰ ਗਏ ਪਿਤਰਾਂ ਨਿਮਿਤ ਭੋਜਨ ਖੁਆਉਂਦੇ ਹਨ। ਵਿਚਾਰੇ ਪਿਤਰ ਭਲਾ ਉਹ ਸਰਾਧਾਂ ਦਾ ਭੋਜਨ ਕਿਵੇਂ ਹਾਸਲ ਕਰਨ? ਉਸ ਭੋਜਨ ਨੂੰ ਤਾਂ ਕਾਂ-ਕੁੱਤੇ ਹੀ ਖਾ ਜਾਂਦੇ ਹਨ।

ਸਿੱਖ ਧਰਮ ਵਿੱਚ ਤੀਰਥਾਂ ’ਤੇ ਜਾ ਕੇ ਇਸ਼ਨਾਨ ਕਰਨ ਦੀ ਕੋਈ ਮਹਾਨਤ ਨਹੀਂ ਦਰਸਾਈ ਗਈ ਹੈ: ‘‘ਤੀਰਥ ਨਾਇ ਨ ਉਤਰਸਿ ਮੈਲੁ॥ ਕਰਮ ਧਰਮ ਸਭਿ ਹਉਮੈ ਫੈਲੁ॥ ਲੋਕ ਪਚਾਰੈ ਗਤਿ ਨਹੀ ਹੋਇ॥ ਨਾਮ ਬਿਹੂਣੇ ਚਲਸਹਿ ਰੋਇ॥’’ (890) (ਹੇ ਭਾਈ! ਮਾਇਆ ਦੇ ਮੋਹ ਦੀ ਇਹ) ਮੈਲ; ਤੀਰਥਾਂ ਉੱਤੇ ਇਸ਼ਨਾਨ ਕਰ ਕੇ ਨਹੀਂ ਉਤਰੇਗੀ। (ਤੀਰਥ-ਇਸ਼ਨਾਨ ਆਦਿਕ ਇਹ) ਸਾਰੇ (ਮਿਥੇ ਹੋਏ) ਧਾਰਮਿਕ ਕੰਮ ਹਉਮੈ ਦਾ ਖਿਲਾਰਾ ਹੀ ਹੈ। (ਤੀਰਥ-ਇਸ਼ਨਾਨ ਆਦਿਕ ਕਰਮਾਂ ਦੀ ਰਾਹੀਂ ਆਪਣੇ ਧਾਰਮਿਕ ਹੋਣ ਬਾਰੇ) ਲੋਕਾਂ ਦੀ ਤਸੱਲੀ ਕਰਾਇਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਪਰਮਾਤਮਾ ਦੇ ਨਾਮ ਤੋਂ ਸੱਖਣੇ ਸਭ ਜੀਵ (ਇੱਥੋਂ) ਰੋ ਰੋ ਕੇ ਹੀ ਜਾਣਗੇ।

‘‘ਮਨਿ ਮੈਲੈ ਸਭੁ ਕਿਛੁ ਮੈਲਾ, ਤਨਿ ਧੋਤੈ ਮਨੁ ਹਛਾ ਨ ਹੋਇ॥’’ (558) ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ‘‘ਜਲ ਕੈ ਮਜਨਿ ਜੇ ਗਤਿ ਹੋਵੈ, ਨਿਤ ਨਿਤ ਮੇਂਡੁਕ ਨਾਵਹਿ॥ ਜੈਸੇ ਮੇਂਡੁਕ ਤੈਸੇ ਓਇ ਨਰ, ਫਿਰਿ ਫਿਰਿ ਜੋਨੀ ਆਵਹਿ॥’’ (484) ਪਾਣੀ ਵਿਚ ਚੁੱਭੀ ਲਾਇਆਂ ਜੇ ਮੁਕਤੀ ਮਿਲ ਸਕਦੀ ਹੋਵੇ ਤਾਂ ਡੱਡੂ ਸਦਾ ਹੀ ਨ੍ਹਾਉਂਦੇ ਰਹਿੰਦੇ ਹਨ। ਜਿਵੇਂ ਉਹ ਡੱਡੂ ਹਨ ਤਿਵੇਂ ਉਹ ਮਨੁੱਖ ਸਮਝੋ; (ਪਰ ਨਾਮ ਤੋਂ ਬਿਨਾ ਉਹ) ਸਦਾ ਜੂਨਾਂ ਵਿਚ ਪਏ ਰਹਿੰਦੇ ਹਨ।

(12). ਹਿੰਦੂ ਮਤ ਵਿੱਚ ਮੰਤਰ, ਯੰਤਰ, ਗ੍ਰਹਿ ਪੂਜਾ ਆਦਿਕ ਕਰਮਾਂ ਤੋਂ ਅਨੇਕਾਂ ਪ੍ਰਕਾਰ ਦੇ ਕਾਰਜ ਸਿੱਧ ਹੋਣੇ ਮੰਨੇ ਗਏ ਹਨ। ਗੁਰਮਤਿ ਵਿੱਚ ਇਹ ਪਾਖੰਡ ਜਾਲ ਨਿਸਫਲ ਕਥਨ ਕੀਤਾ ਗਿਆ ਹੈ: ‘‘ਤੰਤੁ ਮੰਤੁ ਪਾਖੰਡੁ ਨ ਜਾਣਾ, ਰਾਮੁ ਰਿਦੈ ਮਨੁ ਮਾਨਿਆ॥’ (766) (ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਾਖੰਡ ਕਰਨਾ ਨਹੀਂ ਜਾਣਦਾ। ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ।

(13). ਹਿੰਦੂ ਮਤ ਵਿੱਚ ਯੱਗ ਅਤੇ ਹਵਨ ਦੀ ਅਪਾਰ ਮਹਿਮਾ ਕਥਨ ਕੀਤੀ ਗਈ ਹੈ ਅਤੇ ਯੱਗ, ਹਵਨਾਂ ਦੁਆਰਾ ਕਾਰਜਾਂ ਦੀ ਸਿੱਧੀ ਹੋਣੀ ਮੰਨੀ ਗਈ ਹੈ, ਪਰ ਸਿੱਖ ਧਰਮ ਵਿੱਚ ਯੱਗ ਅਤੇ ਹਵਨਾਂ ਦੀ ਕੋਈ ਮਹਾਨਤਾ ਨਹੀਂ ਮੰਨੀ ਗਈ: ‘‘ਹੋਮ ਜਗ ਸਭਿ ਤੀਰਥਾ, ਪੜ੍ਹਿ ਪੰਡਿਤ ਥਕੇ ਪੁਰਾਣ॥ ਬਿਖੁ ਮਾਇਆ ਮੋਹੁ ਨ ਮਿਟਈ, ਵਿਚਿ ਹਉਮੈ ਆਵਣੁ ਜਾਣੁ॥’’ (1417) ਪੰਡਿਤ ਲੋਕ ਹਵਨ, ਜੱਗ, ਸਾਰੇ ਤੀਰਥ-ਇਸ਼ਨਾਨ ਆਦਿ ਕਰ ਕੇ ਪੁਰਾਣ (ਆਦਿਕ ਧਰਮ-ਪੁਸਤਕ ਵੀ) ਪੜ੍ਹ ਕੇ ਥੱਕ ਜਾਂਦੇ ਹਨ, (ਪਰ, ਫਿਰ ਭੀ) ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦਾ ਮੋਹ (ਉਹਨਾਂ ਦੇ ਅੰਦਰੋਂ) ਮਿਟਦਾ ਨਹੀਂ, ਹਉਮੈ ਵਿਚ (ਫਸੇ ਰਹਿਣ ਦੇ ਕਾਰਨ ਉਹਨਾਂ ਦਾ) ਜਨਮ ਮਰਨ (ਦਾ ਗੇੜ ਬਣਿਆ ਰਹਿੰਦਾ ਹੈ)।

(14). ਹਿੰਦੂ ਧਰਮ ਵਿੱਚ ਮੱਥੇ ਅਤੇ ਸਰੀਰ ’ਤੇ ਕਈ ਤਰ੍ਹਾਂ ਦੇ ਤਿਲਕ ਲਗਾਉਣ; ਗੱਲ ਵਿੱਚ ਮਾਲਾ ਪਾਉਣ ਤੇ ਹੱਥ ਵਿੱਚ ਫੜ ਕੇ ਮਾਲਾ ਫੇਰਨ ਨੂੰ ਧਰਮ ਦੇ ਵੱਡੇ ਚਿੰਨ੍ਹ ਮੰਨਿਆ ਗਿਆ ਹੈ ਪਰ ਸਿੱਖ ਧਰਮ ਵਿੱਚ ਇਨ੍ਹਾਂ ਦੀ ਕੋਈ ਮਹਾਨਤਾ ਨਹੀਂ ਹੈ: ‘‘ਮਾਥੇ ਤਿਲਕੁ ਹਥਿ ਮਾਲਾ ਬਾਨਾਂ॥ ਲੋਗਨ ਰਾਮੁ ਖਿਲਉਨਾ ਜਾਨਾਂ॥’’ (1158) (ਲੋਕ) ਮੱਥੇ ਉੱਤੇ ਤਿਲਕ ਲਾ ਲੈਂਦੇ ਹਨ, ਹੱਥ ਵਿਚ ਮਾਲਾ ਫੜ ਲੈਂਦੇ ਹਨ, ਧਾਰਮਿਕ ਪਹਿਰਾਵਾ ਬਣਾ ਲੈਂਦੇ ਹਨ, (ਤੇ ਸਮਝਦੇ ਹਨ ਕਿ ਪਰਮਾਤਮਾ ਦੇ ਭਗਤ ਬਣ ਗਏ ਹਾਂ) ਲੋਕਾਂ ਨੇ ਪਰਮਾਤਮਾ ਨੂੰ ਖਿਡੌਣਾ (ਭਾਵ, ਅੰਞਾਣਾ ਬਾਲ) ਸਮਝ ਲਿਆ ਹੈ (ਕਿ ਇਹਨੀਂ ਗਲੀਂ ਉਸ ਨੂੰ ਪਰਚਾਇਆ ਜਾ ਸਕਦਾ ਹੈ)।

(15). ਮੰਨੂੰ ਸਿਮ੍ਰਤੀ ਅਨੁਸਾਰ ਹਿੰਦੂ ਮਤ ਦੀਆਂ ਜੜ੍ਹਾਂ ਹੀ ਵਰਣ ਵੰਡ ਅਤੇ ਜਾਤ ਪਾਤ ਦੇ ਅਧਾਰ ’ਤੇ ਖੜ੍ਹੀਆਂ ਹਨ। ਹਰ ਵਰਣ ਦੇ ਵੱਖ ਵੱਖ ਧਰਮ ਨਿਸਚਤ ਕੀਤੇ ਗਏ ਹਨ। ਸੂਦ੍ਰ ਨੂੰ ਵੇਦ ਪੜ੍ਹਨ, ਸੁਣਨ ਅਤੇ ਧਾਰਮਿਕ ਕਰਮ ਕਰਨ ਦੀ ਪੂਰੀ ਤਰ੍ਹਾਂ ਮਨਾਹੀ ਹੈ। ਹਿੰਦੂ ਮਤ ਦੀਆਂ ਧਾਰਮਿਕ ਪੁਸਤਕਾਂ ਵਿੱਚ ਲਿਖਿਆ ਹੈ: ‘ਜੇ ਸੂਦ੍ਰ ਜਪ ਹੋਮ ਕਰੇ ਤਾਂ ਰਾਜਾ ਉਸ ਨੂੰ ਮਰਵਾ ਦੇਵੇ।’ ਸ਼੍ਰੀ ਰਾਮ ਚੰਦਰ ਜੀ ਨੇ ਸ਼ੰਬੂਕ ਰਿਸ਼ੀ ਨੂੰ ਇਸੇ ਕਾਰਨ ਮਰਵਾ ਦਿੱਤਾ ਸੀ ਕਿਉਂਕਿ ਉਹ ਸੁਰਗ ਦੀ ਇੱਛਾ ਕਰਕੇ ਬਨ ਵਿੱਚ ਤਪ ਕਰ ਰਿਹਾ ਸੀ। (ਵੇਖੋ ਬਾਲਮੀਕ ਰਾਮਾਇਣ, ਉੱਤਰ ਕਾਂਡ-76) ਪਰ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਜਾਤ ਪਾਤ ਵਿਰੁੱਧ ਜੋਰਦਾਰ ਢੰਗ ਨਾਲ ਅਵਾਜ਼ ਉਠਾਈ ਗਈ ਹੈ: ‘‘ਜਾਣਹੁ ਜੋਤਿ ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ॥’’ (349) ਹੇ ਭਾਈ! ਸਭਨਾ ਵਿੱਚ ਇੱਕ ਪ੍ਰਭੂ ਦੀ ਜੋਤ ਜਾਣ ਕੇ ਕਿਸੇ ਦੀ ਜਾਤਿ ਨਾ ਪੁੱਛੋ (ਕਿਉਂਕਿ) ਅੱਗੇ (ਪ੍ਰਲੋਕ ਵਿੱਚ) ਕਿਸੇ ਦੀ ਜਾਤਿ ਨਾਲ ਨਹੀਂ ਜਾਂਦੀ।

‘‘ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ॥ ਰਹਾਉ॥’’ ਹੇ ਮੂਰਖ! ਹੇ ਗੰਵਾਰ! (ਉੱਚੀ) ਜਾਤਿ ਦਾ ਮਾਣ ਨਾਹ ਕਰ। ਇਸ ਮਾਣ-ਅਹੰਕਾਰ ਤੋਂ (ਭਾਈਚਾਰਕ ਜੀਵਨ ਵਿਚ) ਕਈ ਵਿਗਾੜ ਚੱਲ ਪੈਂਦੇ ਹਨ।

‘‘ਮਾਟੀ ਏਕ ਸਗਲ ਸੰਸਾਰਾ॥ ਬਹੁ ਬਿਧਿ ਭਾਂਡੇ ਘੜੈ ਕੁਮ੍ਹਾਰਾ॥’’ (1128) ਹੇ ਭਾਈ! (ਜਿਵੇਂ ਕੋਈ) ਘੁਮਿਆਰ ਇਕੋ ਮਿੱਟੀ ਤੋਂ ਕਈ ਕਿਸਮਾਂ ਦੇ ਭਾਂਡੇ ਘੜ ਲੈਂਦਾ ਹੈ, (ਤਿਵੇਂ) ਇਹ ਸਾਰਾ ਸੰਸਾਰ ਹੈ (ਪਰਮਾਤਮਾ ਨੇ ਆਪਣੀ ਹੀ ਜੋਤਿ ਤੋਂ ਬਣਾਇਆ ਹੋਇਆ)।

ਕਬੀਰ ਸਾਹਿਬ ਜੀ ਨੇ ਜਾਤ ਅਭਿਮਾਨੀ ਬ੍ਰਾਹਮਣ ਨੂੰ ਤਕੜੀ ਵੰਗਾਰ ਪਾਉਂਦਿਆ ਕਿਹਾ: ‘‘ਕਹੁ ਰੇ ਪੰਡਿਤ! ਬਾਮਨ ਕਬ ਕੇ ਹੋਏ॥ ਬਾਮਨ ਕਹਿ ਕਹਿ, ਜਨਮੁ ਮਤ ਖੋਏ॥ ਰਹਾਉ॥’’ ਦੱਸ, ਹੇ ਪੰਡਿਤ! ਤੁਸੀਂ ਬ੍ਰਾਹਮਣ ਕਦੋਂ ਦੇ ਬਣ ਗਏ ਹੋ? ਇਹ ਆਖ ਆਖ ਕੇ ਕਿ ਮੈਂ ਬ੍ਰਾਹਮਣ ਹਾਂ, ਮੈਂ ਬ੍ਰਾਹਮਣ ਹਾਂ, ਮਨੁੱਖਾ ਜਨਮ (ਅਹੰਕਾਰ ਵਿਚ ਅਜਾਈਂ) ਨਾਹ ਗਵਾਓ। ‘‘ਜੌ ਤੂੰ ਬ੍ਰਾਹਮਣੁ ਬ੍ਰਹਮਣੀ ਜਾਇਆ॥ ਤਉ ਆਨ ਬਾਟ ਕਾਹੇ ਨਹੀ ਆਇਆ॥’’ ਜੇ (ਹੇ ਪੰਡਿਤ!) ਤੂੰ (ਸੱਚ-ਮੁੱਚ) ਬ੍ਰਾਹਮਣ ਹੈਂ ਤੇ ਬ੍ਰਾਹਮਣੀ ਦੇ ਪੇਟੋਂ ਜੰਮਿਆ ਹੈਂ, ਤਾਂ ਕਿਸੇ ਹੋਰ ਰਾਹੇ ਕਿਉਂ ਨਹੀਂ ਜੰਮ ਪਿਆ? ‘‘ਤੁਮ ਕਤ ਬ੍ਰਾਹਮਣ ਹਮ ਕਤ ਸੂਦ॥ ਹਮ ਕਤ ਲੋਹੂ ਤੁਮ ਕਤ ਦੂਧ॥’’ (ਹੇ ਪੰਡਿਤ!) ਤੁਸੀਂ ਕਿਵੇਂ ਬ੍ਰਾਹਮਣ (ਬਣ ਗਏ ਤੇ) ਅਸੀਂ ਕਿਵੇਂ ਸ਼ੂਦਰ (ਰਹਿ ਗਏ)? ਅਸਾਡੇ ਸਰੀਰ ਵਿਚ ਕਿਵੇਂ (ਨਿਰਾ) ਲਹੂ ਹੀ ਹੈ? ਤੁਹਾਡੇ ਸਰੀਰ ਵਿਚ ਕਿਵੇਂ (ਲਹੂ ਦੀ ਥਾਂ) ਦੁੱਧ ਹੈ? ‘‘ਕਹੁ ਕਬੀਰ ਜੋ ਬ੍ਰਹਮੁ ਬੀਚਾਰੈ॥ ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ॥’’ (ਪੰਨਾ 324) ਕਬੀਰ ਆਖਦਾ ਹੈ- ਅਸੀਂ ਤਾਂ ਉਸ ਮਨੁੱਖ ਨੂੰ ਬ੍ਰਾਹਮਣ ਸੱਦਦੇ ਹਾਂ ਜੋ ਪਰਮਾਤਮਾ (ਬ੍ਰਹਮ) ਨੂੰ ਸਿਮਰਦਾ ਹੈ।

ਸੋ, ਉਕਤ ਸਾਰੇ ਸਿਧਾਂਤਾਂ ਨੂੰ ਮੁੱਖ ਰੱਖ ਕੇ ਗੁਰੂ ਅਰਜੁਨ ਸਾਹਿਬ ਜੀ ਨੇ ਸਪਸ਼ਟ ਫੈਸਲਾ ਦੇ ਦਿੱਤਾ: ‘‘ਨਾ ਹਮ ਹਿੰਦੂ ਨ ਮੁਸਲਮਾਨ॥ ਅਲਹ ਰਾਮ ਕੇ ਪਿੰਡੁ ਪਰਾਨ॥’’ (1136) ਹੇ ਭਾਈ! (ਆਤਮਕ ਜੀਵਨ ਦੀ ਅਗਵਾਈ ਵਾਸਤੇ) ਨਾਹ ਅਸੀਂ ਹਿੰਦੂ ਹਾਂ, ਨਾਹ ਅਸੀਂ ਮੁਸਲਮਾਨ ਹਾਂ। ਸਾਡੇ ਇਹ ਸਰੀਰ ਸਾਡੀ ਇਹ ਜਿੰਦ (ਉਸ ਪਰਮਾਤਮਾ) ਦੇ ਦਿੱਤੇ ਹੋਏ ਹਨ (ਜਿਸ ਨੂੰ ਮੁਸਲਮਾਨ) ਅੱਲਾ (ਆਖਦਾ ਹੈ ਤੇ ਜਿਸ ਨੂੰ ਹਿੰਦੂ) ਰਾਮ (ਆਖਦਾ ਹੈ)।

ਭਗਤ ਨਾਮ ਦੇਵ ਜੀ ਨੇ ਸਖ਼ਤ ਸ਼ਬਦ ਵਰਤਦਿਆਂ ਲਿਖ ਦਿੱਤਾ: ‘ਹਿੰਦੂ ਅੰਨ੍ਹਾ ਤੁਰਕੂ ਕਾਣਾ॥ ਦੁਹਾਂ ਤੇ ਗਿਆਨੀ ਸਿਆਣਾ॥ ਹਿੰਦੂ ਪੂਜੈ ਦੇਹੁਰਾ, ਮੁਸਲਮਾਣੁ ਮਸੀਤਿ॥ ਨਾਮੇ ਸੋਈ ਸੇਵਿਆ, ਜਹ ਦੇਹੁਰਾ ਨ ਮਸੀਤਿ॥’’ (875) ਹਿੰਦੂ ਦੋਵੇਂ ਅੱਖਾਂ (ਇਕ ਅੱਖ ਆਪਣੇ ਇਸ਼ਟ ਬਾਰੇ ਸ਼ਰਧਾ-ਹੀਣ ਕਹਾਣੀਆਂ ਘੜਨ ਕਾਰਨ ਤੇ ਦੂਜੀ ਪਰਮਾਤਮਾ ਨੂੰ ਨਿਰਾ ਮੰਦਰ ਵਿਚ ਬੈਠਾ ਸਮਝ ਕੇ)) ਗਵਾ ਬੈਠਾ ਹੈ, ਪਰ ਮੁਸਲਮਾਨ ਦੀ ਆਪਣੇ ਹਜਰਤ ਮਹੰਮਦ ਜੀ ’ਤੇ ਸ਼ਰਧਾ ਹੋਣ ਕਾਰਨ ਇੱਕ ਅੱਖ ਬਚ ਗਈ (ਤੇ ਦੂਜੀ ਅੱਖ ਰੱਬ ਨੂੰ ਨਿਰਾ ਮਸਜਿਦ ਵਿਚ ਜਾਣ ਕੇ ਗਵਾ ਲਈ)। ਪਰ ਮੈਂ ਨਾਮਦੇਵ ਉਸ ਪਰਮਾਤਮਾ ਦਾ ਸਿਮਰਨ ਕਰਦਾ ਹਾਂ ਜਿਸ ਦਾ ਨਾਹ ਕੋਈ ਖ਼ਾਸ ਮੰਦਰ ਹੈ ਤੇ ਨਾ ਮਸਜਿਦ ।

ਇਸ ਦੇ ਬਾਵਜੂਦ ਵੀ ਜੇ ਕੋਈ ਮਨੁੱਖ ਸਿੱਖਾਂ ਨੂੰ ਹਿੰਦੂ ਕਹਿਣ ਦੀ ਜ਼ਿਦ ਕਰਦਾ ਹੈ ਤਾਂ ਸਮਝੋ ਉਸ ਦੇ ਕੱਟੜਵਾਦ ਦੀਆਂ ਐਨਕਾਂ ਚੜ੍ਹੀਆਂ ਹੋਈਆਂ ਹਨ ਅਤੇ ਧਰਮ ਨਿਰਪੱਖ ਭਾਰਤ ਵਿੱਚ ਵੱਸ ਰਹੀਆਂ ਘੱਟ ਗਿਣਤੀਆਂ ਨੂੰ ਉਸੇ ਤਰ੍ਹਾਂ ਹਿੰਦੂ ਧਰਮ ਵਿੱਚ ਜ਼ਜ਼ਬ ਕਰਨਾ ਚਾਹੁੰਦਾ ਹੈ ਜਿਸ ਤਰ੍ਹਾਂ ਔਰੰਗਜ਼ੇਬ; ਸਾਰੀ ਲੁਕਾਈ ਨੂੰ ਮੁਸਲਮਾਨ ਬਣਾਉਣ ’ਤੇ ਤੁਲਿਆ ਹੋਇਆ ਸੀ। ਅਜੇਹੀ ਸੋਚ ਵਾਲਿਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਜਿਸ ਧਰਮ ਦੇ ਰਹਿਬਰ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਨੇ ਹਿੰਦੂ ਧਰਮ ਅਤੇ ਇਸ ਦੇ ਧਾਰਮਿਕ ਚਿੰਨ੍ਹ ਤਿਲਕ ਜੰਝੂ ਵਿੱਚ ਯਕੀਨ ਨਾ ਹੋਣ ਦੇ ਬਾਵਜੂਦ ਵੀ ਹਿੰਦੂਆਂ ਲਈ ਧਾਰਮਿਕ ਆਜ਼ਾਦੀ ਹਾਸਲ ਕਰਨ ਲਈ ਆਪ ਸੀਸ ਵਾਰਿਆ ਹੋਵੇ ਉਸ ਦੇ ਸਿੱਖ ਕਦੀ ਵੀ ਆਪਣੀ ਧਾਰਮਿਕ ਅਜ਼ਾਦੀ ਖ਼ਤਮ ਕਰਕੇ ਬਹੁ ਗਿਣਤੀ ਦੇ ਰਾਜ ਵਿੱਚ ਆਪਣੇ ਆਪ ਨੂੰ ਹਿੰਦੂ ਹੋਣਾ ਪ੍ਰਵਾਨ ਨਹੀਂ ਕਰਨਗੇ। ਕਿਸੇ ਮਨੁੱਖ ਦੇ ਧਰਮ ਦੀ ਪਰਖ ਉਸ ਦੁਆਰਾ ਅਪਣਾਏ ਗਏ ਅਸੂਲਾਂ ਤੋਂ ਹੁੰਦੀ ਹੈ ਨਾ ਕਿ ਉਸ ਦਾ ਜਨਮ ਕਿਸ ਘਰ ਵਿੱਚ ਹੋਇਆ ਸੀ ਇਸ ਤੋਂ।